- ਨਸ਼ਾ ਵਿਰੋਧੀ ਆਗੂ ਅਮਨਦੀਪ ਸਿੰਘ ਕਾਲੇਕੇ ‘ਤੇ ਨਸ਼ਾ ਤਸਕਰਾਂ ਦਾ ਹਮਲਾ
- ਪੰਜਾਬ ਕਾਂਗਰਸ ਪ੍ਰਧਾਨ ਸ. ਪਰਗਟ ਸਿੰਘ ਨੇ ਜ਼ਖ਼ਮੀ ਨੌਜਵਾਨ ਨਾਲ ਕੀਤੀ ਮੁਲਾਕਾਤ
- ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਘੇਰਿਆ
ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਅਧੀਨ ਪੈਂਦੇ ਪਿੰਡ ਕਾਲੇਕੇ ਦੇ ਨਸ਼ਾ ਵਿਰੋਧੀ ਕਮੇਟੀ ਦੇ ਕਾਰਕੁੰਨ ਅਮਨਦੀਪ ਸਿੰਘ ਦੀ ਬੀਤੇ ਦਿਨੀਂ ਨਸ਼ਾ ਤਸਕਰਾਂ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਜੀ ਨੇ ਪੀੜਤ ਨੌਜਵਾਨ ਨਾਲ ਮੁਲਾਕਾਤ ਕਰਕੇ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ‘ਜੰਗਲ ਰਾਜ’ ਵਿੱਚ ਤਬਦੀਲ ਕਰ ਦਿੱਤਾ ਹੈ। ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਪੁਲਿਸ ਵੱਲੋਂ ਦੋਸ਼ੀਆਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਅਸੀਂ ਪੁਰਜ਼ੋਰ ਮੰਗ ਕਰਦੇ ਹਾਂ ਕਿ ਨਸ਼ਾ ਤਸਕਰਾਂ ਅਤੇ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸੂਬੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।





