ਬਾਬਾ ਨਾਨਕ ਦੀਆਂ ਸਿੱਖਿਆਵਾਂ ’ਤੇ ਅਮਲ ਨਹੀਂ ਕਰ ਰਹੇ ਲੋਕ, ਵਾਤਾਵਰਨ ਦੀ ਅਣਦੇਖੀ ਪਵੇਗੀ ਮਹਿੰਗੀ: ਸੰਤ ਸੀਚੇਵਾਲ

Top Trending News ਪੰਜਾਬ

 

ਬਾਬਾ ਨਾਨਕ ਦੀਆਂ ਸਿੱਖਿਆਵਾਂ ’ਤੇ ਅਮਲ ਨਹੀਂ ਕਰ ਰਹੇ ਲੋਕ, ਵਾਤਾਵਰਨ ਦੀ ਅਣਦੇਖੀ ਪਵੇਗੀ ਮਹਿੰਗੀ: ਸੰਤ ਸੀਚੇਵਾਲ

ਨਡਾਲਾ (ਕਪੂਰਥਲਾ), 14 ਨਵੰਬਰ 2026- ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਕੁਦਰਤੀ ਵਾਤਾਵਰਨ ਦੀ ਸੰਭਾਲ ਲਈ ਗੰਭੀਰ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਮੇਂ ਸਿਰ ਵਾਤਾਵਰਨ ਦੀ ਸੁਰੱਖਿਆ ਲਈ ਕਦਮ ਨਾ ਚੁੱਕੇ ਤਾਂ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ।

ਸੰਤ ਸੀਚੇਵਾਲ ਅੱਜ ਨਡਾਲਾ ਸਥਿਤ ਸ਼ਿੰਗਾਰਲਾ ਪਬਲਿਕ ਸਕੂਲ ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਨਾ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਵਾਤਾਵਰਨ ਸੰਭਾਲ ਸਬੰਧੀ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਹੈ ਅਤੇ ਨਾ ਹੀ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਨੂੰ ਸਹੀ ਅਰਥਾਂ ਵਿੱਚ ਸਮਝਣ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੁਦਰਤ ਨਾਲ ਮਨੁੱਖ ਦਾ ਡੂੰਘਾ ਸਬੰਧ ਹੈ ਅਤੇ ਇਸ ਦੀ ਸੰਭਾਲ ਕਰਨਾ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਵਾਤਾਵਰਨ ਪ੍ਰਦੂਸ਼ਣ, ਕੁਦਰਤੀ ਸਰੋਤਾਂ ਦੀ ਬਰਬਾਦੀ ਅਤੇ ਕੁਦਰਤ ਪ੍ਰਤੀ ਲਾਪਰਵਾਹੀ ਭਵਿੱਖ ਲਈ ਗੰਭੀਰ ਚੁਣੌਤੀਆਂ ਪੈਦਾ ਕਰ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਬਚਾਉਣ ਲਈ ਸਿਰਫ਼ ਗੱਲਾਂ ਕਰਨ ਦੀ ਬਜਾਏ ਆਪਣੇ ਪੱਧਰ ’ਤੇ ਅਮਲੀ ਯਤਨ ਸ਼ੁਰੂ ਕਰਨ।