CM ਮਾਨ ਵੱਲੋਂ ਬੱਸ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਮੁਆਵਜ਼ੇ ਦਾ ਐਲਾਨ
ਚੰਡੀਗੜ੍ਹ, 15 ਨਵੰਬਰ 2026: ਤਰਨਤਾਰਨ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾ ਰਹੇ ਸ਼ਰਧਾਲੂਆਂ ਦੀਆਂ ਬੱਸਾਂ ਨਾਲ ਵਾਪਰੇ ਦਰਦਨਾਕ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਅਤੇ ਹਸਪਤਾਲ ਵਿੱਚ ਦਾਖ਼ਲ ਜ਼ਖਮੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 11 ਲੋਕ ਜ਼ਖਮੀ ਹੋਏ ਹਨ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਹਰੇਕ ਜ਼ਖਮੀ ਨੂੰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜ਼ਖਮੀਆਂ ਦਾ ਇਲਾਜ ਵੀ ਸਰਕਾਰੀ ਖਰਚੇ ’ਤੇ ਹੋਵੇਗਾ।
ਮਾਨ ਨੇ ਦੱਸਿਆ ਕਿ ਡਾਕਟਰਾਂ ਅਨੁਸਾਰ ਜ਼ਖਮੀਆਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਉਮੀਦ ਹੈ ਕਿ ਉਹ ਤਿੰਨ-ਚਾਰ ਦਿਨਾਂ ਵਿੱਚ ਘਰ ਪਰਤ ਸਕਣਗੇ। ਹਾਦਸੇ ਬਾਰੇ ਉਨ੍ਹਾਂ ਕਿਹਾ ਕਿ ਹਾਈਵੇਅ ’ਤੇ ਮੋਟਰਸਾਈਕਲ ਸਵਾਰ ਵੱਲੋਂ ਅਚਾਨਕ ਕੱਟ ਮਾਰਨ ਕਾਰਨ ਬੱਸ ਚਾਲਕ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਬੱਸ ਦੂਜੀ ਤੀਰਥ ਯਾਤਰਾ ਵਾਲੀ ਬੱਸ ਨਾਲ ਟਕਰਾ ਗਈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਯੋਜਨਾ ਤਹਿਤ ਹੁਣ ਤੱਕ 17 ਹਜ਼ਾਰ ਦੇ ਕਰੀਬ ਯਾਤਰਾਵਾਂ ਹੋ ਚੁੱਕੀਆਂ ਹਨ ਅਤੇ 7 ਲੱਖ ਤੋਂ ਵੱਧ ਸ਼ਰਧਾਲੂ ਵੱਖ-ਵੱਖ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ।





