- ਜ਼ਮੀਨੀ ਵਿਵਾਦ ਨੂੰ ਲੈ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਪਰਿਵਾਰ
ਬਠਿੰਡਾ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਐਤਵਾਰ ਸਵੇਰੇ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਆਪਣੀ ਜ਼ਮੀਨ ਦਾ ਮਾਲਕਾਨਾ ਹੱਕ ਆਪਣੇ ਨਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੂੰ ਸੁਰੱਖਿਅਤ ਹੇਠਾਂ ਉਤਾਰਨ ਲਈ ਗੱਲਬਾਤ ਸ਼ੁਰੂ ਕੀਤੀ।
ਟੈਂਕੀ ’ਤੇ ਚੜ੍ਹੇ ਗੁਰਤੇਜ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਗੇਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਸ ਜ਼ਮੀਨ ’ਤੇ ਮਕਾਨ ਬਣਾ ਕੇ ਰਹਿ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਪਿੰਡ ਦੀ ਮਹਿਲਾ ਸਰਪੰਚ ਸੁਰਿੰਦਰ ਕੌਰ ਨੇ ਆਪਣੇ ਪੁੱਤਰ ਅਤੇ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਨਾਲ ਮਿਲ ਕੇ ਪੰਚਾਇਤ ਸਕੱਤਰ ਅਤੇ ਸਬੰਧਤ ਤਹਿਸੀਲਦਾਰ ਦੀ ਮਦਦ ਨਾਲ ਜ਼ਮੀਨ ਆਪਣੇ ਨਾਂ ਦਰਜ ਕਰਵਾ ਲਈ।
ਜ਼ਮੀਨ ਦਾ ਮਾਲਕੀ ਹੱਕ ਦੇਣ ਦੀ ਮੰਗ
ਪ੍ਰਦਰਸ਼ਨ ਕਰ ਰਹੇ ਪਰਿਵਾਰਕ ਮੈਂਬਰਾਂ ਨੇ ਸਰਪੰਚ, ਉਸ ਦੇ ਪੁੱਤਰ, ਪੰਚਾਇਤ ਸਕੱਤਰ ਅਤੇ ਤਹਿਸੀਲਦਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੇ ਕਬਜ਼ੇ ਹੇਠ ਰਹੀ ਜ਼ਮੀਨ ਦਾ ਮਾਲਕੀ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਪ੍ਰੇਸ਼ਾਨ ਹਨ ਅਤੇ ਇਨਸਾਫ਼ ਨਾ ਮਿਲਣ ਕਾਰਨ ਮਜਬੂਰੀ ਵਿੱਚ ਉਨ੍ਹਾਂ ਨੂੰ ਟੈਂਕੀ ’ਤੇ ਚੜ੍ਹਨਾ ਪਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਆਪਣੇ ਹੱਕ ਦੀ ਲੜਾਈ ਵਿੱਚ ਸਾਥ ਦੇਣ ਦੀ ਅਪੀਲ ਕੀਤੀ।
ਦੂਜੇ ਪਾਸੇ, ਪੁਲਿਸ ਮੁਲਾਜ਼ਮ ਲਗਾਤਾਰ ਟੈਂਕੀ ’ਤੇ ਚੜ੍ਹੇ ਵਿਅਕਤੀਆਂ ਨਾਲ ਗੱਲਬਾਤ ਕਰਦੇ ਰਹੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਹੇਠਾਂ ਉਤਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ।





