- ਆਪ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਕਿਸਾਨਾਂ ਨੂੰ ਦਿੱਤਾ ਭਰੋਸਾ, ਕਿਹਾ- ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਾਂਗੇ
- ਪੰਜਾਬ ਵਿੱਚ 181 ਲੱਖ 69 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ, 180 ਲੱਖ ਮੀਟ੍ਰਿਕ ਟਨ ਦਾ ਟੀਚਾ ਪੂਰਾ – ਲਾਲ ਚੰਦ ਕਟਾਰੂਚੱਕ
- ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚੇ 41,972 ਕਰੋੜ ਰੁਪਏ: ਲਾਲ ਚੰਦ ਕਟਾਰੂਚੱਕ
ਅੰਮ੍ਰਿਤਸਰ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਦੇ ਮੌਜੂਦਾ ਸੀਜ਼ਨ ਦੌਰਾਨ ਕੇਂਦਰ ਸਰਕਾਰ ਵੱਲੋਂ ਮਿਲਿਆ 180 ਲੱਖ ਮੀਟ੍ਰਿਕ ਟਨ ਦਾ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 14 ਨਵੰਬਰ ਤੱਕ ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ 26 ਹਜ਼ਾਰ ਮੀਟ੍ਰਿਕ ਟਨ ਝੋਨਾ ਪਹੁੰਚਿਆ, ਜਿਸ ਵਿੱਚੋਂ 181 ਲੱਖ 69 ਹਜ਼ਾਰ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 41 ਹਜ਼ਾਰ 972 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨਾ ਅਤੇ ਕਣਕ ਅਜਿਹੇ ਦੋ ਸੀਜ਼ਨ ਹਨ, ਜਿਨ੍ਹਾਂ ਦੀ ਸੂਬੇ ਦੀ ਆਰਥਿਕਤਾ ਵਿੱਚ ਬਹੁਤ ਵੱਡੀ ਭੂਮਿਕਾ ਹੈ। ਕਰੋੜਾਂ ਲੋਕ ਇਸ ਖਰੀਦ ਪ੍ਰਕਿਰਿਆ ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚ ਵੱਡਾ ਹਿੱਸਾ ਕਿਸਾਨ ਪਰਿਵਾਰਾਂ ਦਾ ਹੈ, ਜਦਕਿ ਮਜ਼ਦੂਰ, ਮਿੱਲਰ ਅਤੇ ਆੜ੍ਹਤੀ ਵੀ ਇਸ ਵਿੱਚ ਸ਼ਾਮਲ ਹਨ। ਯਾਨੀ ਪੰਜਾਬ ਦਾ ਅੱਧ ਤੋਂ ਵੱਧ ਹਿੱਸਾ ਇਸ ਸੀਜ਼ਨ ਨਾਲ ਜੁੜਿਆ ਹੁੰਦਾ ਹੈ। ਇਸੇ ਕਰਕੇ ਝੋਨੇ ਅਤੇ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਕਾਫ਼ੀ ਵੱਡੀ ਹਲਚਲ ਰਹਿੰਦੀ ਹੈ।
ਕੈਬਿਨੇਟ ਮੰਤਰੀ ਨੇ ਦੱਸਿਆ ਕਿ 14 ਨਵੰਬਰ ਤੱਕ ਪੰਜਾਬ ਵਿੱਚ ਲਗਭਗ 8 ਲੱਖ 34 ਹਜ਼ਾਰ ਕਿਸਾਨ ਆਪਣੀ ਜਿਨਸ ਲੈ ਕੇ ਮੰਡੀਆਂ ਵਿੱਚ ਪਹੁੰਚੇ। ਸੂਬੇ ਦੀਆਂ ਮੰਡੀਆਂ ਵਿੱਚ 185 ਲੱਖ 26 ਹਜ਼ਾਰ ਮੀਟ੍ਰਿਕ ਟਨ ਝੋਨਾ ਪਹੁੰਚਿਆ, ਜਿਸ ਵਿੱਚੋਂ 181 ਲੱਖ 69 ਹਜ਼ਾਰ ਮੀਟ੍ਰਿਕ ਟਨ ਝੋਨਾ ਵੱਖ-ਵੱਖ ਸਰਕਾਰੀ ਏਜੰਸੀਆਂ ਰਾਹੀਂ ਖਰੀਦਿਆ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਬਣਦੀ ਅਦਾਇਗੀ ਵਜੋਂ 41 ਹਜ਼ਾਰ 972 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਏ ਜਾ ਚੁੱਕੇ ਹਨ। ਇਸੇ ਤਰ੍ਹਾਂ 146 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖਰੀਦ ਦਾ ਇਹ ਸਿਲਸਿਲਾ ਹੁਣ ਪੀਕ ਤੋਂ ਬਾਅਦ ਸਮਾਪਤੀ ਵੱਲ ਵਧ ਰਿਹਾ ਹੈ।
ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਸ ਸੀਜ਼ਨ ਦੌਰਾਨ, ਯਾਨੀ 2026-27 ਦੀ ਝੋਨੇ ਦੀ ਖਰੀਦ ਦੇ ਸੀਜ਼ਨ ਵਿੱਚ, ਪੰਜਾਬ ਅੰਦਰ ਬਹੁਤ ਬੰਪਰ ਫ਼ਸਲ ਪੈਦਾ ਹੋਈ ਹੈ। ਭਾਰਤ ਸਰਕਾਰ ਵੱਲੋਂ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਦਾ ਜੋ ਟੀਚਾ ਮਿਲਿਆ ਸੀ, ਉਹ ਹਾਸਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਇਸ ਝੋਨੇ ਦੇ ਸੀਜ਼ਨ ਦੌਰਾਨ ਏਨੀ ਵੱਡੀ ਪੈਦਾਵਾਰ ਨੂੰ ਅੰਜਾਮ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਪੰਜਾਬ ਵਿੱਚ ਇਸ ਵਾਰ ਝਾੜ ਵਧਣ ਦੇ ਦੋ ਵੱਡੇ ਕਾਰਨ ਹਨ। ਪਹਿਲਾ ਕਾਰਨ ਇਹ ਹੈ ਕਿ ਜਦੋਂ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਸਰਕਾਰ ਪੰਜਾਬ ਵਿੱਚ ਬਣੀ ਸੀ, ਉਦੋਂ ਲਗਭਗ 22 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ। ਇਸ ਵਾਰ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ, ਉਨ੍ਹਾਂ ਦੇ ਯਤਨਾਂ ਅਤੇ ਵਿਸ਼ਵਾਸ ਸਦਕਾ ਲਗਭਗ 80 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਅਤੇ ਖੇਤਾਂ ਤੱਕ ਪਹੁੰਚਾਉਣ ਵਿੱਚ ਸਫਲਤਾ ਮਿਲੀ ਹੈ।
ਉਨ੍ਹਾਂ ਨਹਿਰੀ ਪਾਣੀ ਦਾ ਦੂਜਾ ਪੱਖ ਦੱਸਦਿਆਂ ਕਿਹਾ ਕਿ ਇਸ ਵਿੱਚ ਕਾਫ਼ੀ ਮਿਨਰਲ ਹੁੰਦੇ ਹਨ। ਪਾਣੀ ਪਹਾੜਾਂ ਤੋਂ ਸ਼ੁਰੂ ਹੁੰਦਾ ਹੈ, ਇਸ ਲਈ ਕਈ ਤਰ੍ਹਾਂ ਦੇ ਮਿਨਰਲ ਆਪਣੇ ਨਾਲ ਲੈ ਕੇ ਖੇਤਾਂ ਤੱਕ ਪਹੁੰਚਦਾ ਹੈ। ਇਸ ਦਾ ਨਤੀਜਾ ਇਹ ਨਿਕਲਿਆ ਕਿ ਇਸ ਵਾਰ ਪੰਜਾਬ ਦੇ ਕਿਸਾਨਾਂ ਦੇ ਝੋਨੇ ਦਾ ਝਾੜ ਵਧਿਆ। ਕਟਾਰੂਚਕ ਨੇ ਕਿਹਾ ਕਿ ਕੁਝ ਇਲਾਕਾ ਬਾਸਮਤੀ ਤੋਂ ਨਾਨ-ਬਾਸਮਤੀ ਵਿੱਚ ਤਬਦੀਲ ਹੋਣਾ ਵੀ ਇਸ ਦਾ ਇੱਕ ਕਾਰਨ ਹੈ।
ਲਾਲ ਚੰਦ ਕਟਾਰੂਚੱਕ ਨੇ ਪੰਜਾਬ ਸਰਕਾਰ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬ ਦੇ ਕਿਸਾਨ ਦਾ ਇੱਕ-ਇੱਕ ਦਾਣਾ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖਰੀਦ ਅਜੇ ਬੰਦ ਨਹੀਂ ਹੋਈ। ਜਦੋਂ ਤੱਕ ਕਿਸਾਨ ਦਾ ਅਨਾਜ ਅਤੇ ਝੋਨਾ ਮੰਡੀ ਵਿੱਚ ਪਹੁੰਚ ਰਿਹਾ ਹੈ, ਇੱਕ-ਇੱਕ ਦਾਣਾ ਚੁੱਕਿਆ ਅਤੇ ਖਰੀਦਿਆ ਜਾਵੇਗਾ। ਇਸ ਲਈ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਲਗਾਤਾਰ ਚੱਲ ਰਹੀ ਹੈ।
ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੇ ਬਹੁਤ ਵੱਡੀ ਮਿਹਨਤ ਨਾਲ ਜੋ ਫ਼ਸਲ ਪੈਦਾ ਕੀਤੀ ਹੈ ਅਤੇ ਇਸ ਵਾਰ ਜੋ ਬੰਪਰ ਫ਼ਸਲ ਆਈ ਹੈ, ਉਸ ਦਾ ਰਹਿੰਦਾ ਅਨਾਜ ਵੀ ਪੰਜਾਬ ਦੀਆਂ ਮੰਡੀਆਂ ਵਿੱਚੋਂ ਖਰੀਦਿਆ ਜਾਵੇਗਾ।
ਕੈਬਿਨੇਟ ਮੰਤਰੀ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਬਾਕੀ ਰਾਜਾਂ ਅੰਦਰ ਬਾਰਿਸ਼ ਘੱਟ ਪਈ ਹੈ। ਪੰਜਾਬ ਵਿੱਚ ਵੀ ਮੀਂਹ ਘੱਟ ਪਿਆ, ਪਰ ਸੰਤੁਲਿਤ ਮਾਤਰਾ ਵਿੱਚ ਪਿਆ। ਇਸ ਸੰਤੁਲਿਤ ਮੀਂਹ ਅਤੇ ਨਹਿਰੀ ਪਾਣੀ ਦੀ ਵਜ੍ਹਾ ਕਰਕੇ ਇਸ ਵਾਰ ਝੋਨੇ ਨੂੰ ਕੋਈ ਬਿਮਾਰੀ ਨਹੀਂ ਪਈ ਅਤੇ ਪੰਜਾਬ ਵਿੱਚ ਬੰਪਰ ਫ਼ਸਲ ਪੈਦਾ ਹੋਈ ਹੈ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰੀ ਭੰਡਾਰ ਵਿੱਚ ਪੰਜਾਬ ਨੇ ਆਪਣਾ ਟੀਚਾ ਮੁਕੰਮਲ ਕਰ ਲਿਆ ਹੈ। ਹੁਣ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਜਾਵੇਗੀ ਕਿ 180 ਲੱਖ ਮੀਟ੍ਰਿਕ ਟਨ ਤੋਂ ਵੱਧ ਜੋ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਆਇਆ ਹੈ, ਉਹ ਵੀ ਚੁੱਕਣਾ ਕੇਂਦਰ ਦਾ ਕੰਮ ਹੈ ਅਤੇ ਉਸ ਨੂੰ ਵੀ ਚੁੱਕਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਨੂੰ ਇੱਕ ਚਿੱਠੀ ਵੀ ਲਿਖੀ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਸੂਬੇ ਦੀ ਸੀਸੀਐਲ ਨੂੰ ਰਿਵਾਈਜ਼ ਕਰਕੇ ਉਸ ਵਿੱਚ ਵਾਧਾ ਕੀਤਾ ਜਾਵੇ, ਕਿਉਂਕਿ ਉਨ੍ਹਾਂ ਮੁਤਾਬਕ ਇਹ ਖਰੀਦ ਲਗਭਗ 200 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਜਾਵੇਗੀ।
ਕੈਬਿਨੇਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੀ ਪ੍ਰੈੱਸ ਬ੍ਰੀਫਿੰਗ ਰਾਹੀਂ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਵਿੱਚ ਖਰੀਦ ਦੇ ਪੰਜ ਸਾਲ ਅਤੇ ਸਰਕਾਰ ਦਾ ਇਹ ਦਸਵਾਂ ਸੀਜ਼ਨ ਬਹੁਤ ਹੀ ਸ਼ਾਨਦਾਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ 24 ਘੰਟਿਆਂ ਦੇ ਅੰਦਰ-ਅੰਦਰ ਪੰਜਾਬ ਦੇ ਕਿਸਾਨ ਦੇ ਖਾਤੇ ਵਿੱਚ ਪੈਸੇ ਪਾਉਣ ਦਾ ਜੋ ਵਾਅਦਾ ਸੀ, ਸਰਕਾਰ ਉਸ ਵਿੱਚ ਸਫਲ ਰਹੀ ਹੈ ਅਤੇ ਬਾਕੀ ਰਹਿੰਦਾ ਝੋਨਾ ਵੀ ਪੰਜਾਬ ਦੀਆਂ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ।





