ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਅਪਰਾਧਿਕ ਨੈੱਟਵਰਕ ਦੇ 5 ਮੈਂਬਰ ਗ੍ਰਿਫ਼ਤਾਰ, 11 ਪਿਸਤੌਲਾਂ ਤੇ 191 ਕਾਰਤੂਸ ਬਰਾਮਦ
ਚੰਡੀਗੜ੍ਹ, 15 ਨਵੰਬਰ 2026: ਪੰਜਾਬ ਵਿੱਚ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 11 ਗੈਰ-ਕਾਨੂੰਨੀ ਪਿਸਤੌਲ ਅਤੇ 191 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਸ਼ਾਮਲ ਸਨ। ਇਨ੍ਹਾਂ ਵਿੱਚ ਫਿਰੌਤੀ ਅਤੇ ਜਬਰੀ ਵਸੂਲੀ ਲਈ ਕੀਤੀਆਂ ਗਈਆਂ ਗੋਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਲ ਹਨ।
ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰ ਮੰਗਵਾਉਣ ਦੇ ਨੈੱਟਵਰਕ ਨਾਲ ਜੁੜੇ ਹੋਏ ਸਨ। ਇਨ੍ਹਾਂ ਨੂੰ ਪੰਜਾਬ ਵਿੱਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੀਆਂ ਹਦਾਇਤਾਂ ਮਿਲਦੀਆਂ ਸਨ।
ਪੁਲਿਸ ਵੱਲੋਂ ਮੁਲਜ਼ਮਾਂ ਦੇ ਹੋਰ ਸਾਥੀਆਂ, ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਪਰਾਧਿਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਕਾਰਵਾਈ ਜਾਰੀ ਰਹੇਗੀ।





