ਪੰਜਾਬ ਦੇ ਕਿਸਾਨਾਂ ਲਈ 254 ਕਰੋੜ ਦੇ ਫੰਡ ਜਾਰੀ ਕਰਨ ਦਾ ਐਲਾਨ, ਗ੍ਰੀਨ ਅਮੋਨੀਆ ਨਾਲ ਖੇਤੀ ਨੂੰ ਮਿਲੇਗਾ ਨਵਾਂ ਬਦਲ: ਸ਼ਿਵਰਾਜ ਚੌਹਾਨ

Top Trending News ਪੰਜਾਬ

 

ਪੰਜਾਬ ਦੇ ਕਿਸਾਨਾਂ ਲਈ 254 ਕਰੋੜ ਦੇ ਫੰਡ ਜਾਰੀ ਕਰਨ ਦਾ ਐਲਾਨ, ਗ੍ਰੀਨ ਅਮੋਨੀਆ ਨਾਲ ਖੇਤੀ ਨੂੰ ਮਿਲੇਗਾ ਨਵਾਂ ਬਦਲ: ਸ਼ਿਵਰਾਜ ਚੌਹਾਨ

ਚੰਡੀਗੜ੍ਹ, 17 ਨਵੰਬਰ 2026: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੌਰੇ ਦੌਰਾਨ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਯੋਜਨਾਵਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਕਿਸਾਨਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਪਹੁੰਚੇ ਹਨ।

ਬਡਰਪੁਰ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਉਨ੍ਹਾਂ ਗ੍ਰੀਨ ਅਮੋਨੀਆ ਦੀ ਵਰਤੋਂ ਨੂੰ ਖੇਤੀ ਲਈ ਇੱਕ ਨਵਾਂ ਅਤੇ ਲਾਹੇਵੰਦ ਬਦਲ ਦੱਸਿਆ। ਉਨ੍ਹਾਂ ਅਨੁਸਾਰ ਸੂਰਜੀ ਊਰਜਾ ਨਾਲ ਤਿਆਰ ਹੋਣ ਵਾਲੀ ਗ੍ਰੀਨ ਅਮੋਨੀਆ ਦੀ ਵਰਤੋਂ ਯੂਰੀਆ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ।

ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਰਹੇ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਲਈ ਵੱਖ-ਵੱਖ ਯੋਜਨਾਵਾਂ ਤਹਿਤ ਮਨਜ਼ੂਰ 254 ਕਰੋੜ ਰੁਪਏ ਦੇ ਫੰਡਾਂ ਦੇ ਪ੍ਰਵਾਨਗੀ ਪੱਤਰ ਸੌਂਪੇ ਜਾਣਗੇ।

ਉਨ੍ਹਾਂ ਕਿਹਾ ਕਿ ‘ਖੇਤ ਬਚਾਓ’ ਮੁਹਿੰਮ, ਫ਼ਸਲੀ ਵਿਭਿੰਨਤਾ, ਪਰਾਲੀ ਪ੍ਰਬੰਧਨ ਅਤੇ ਏਕੀਕ੍ਰਿਤ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਬਾਰੇ ਵਿਚਾਰ-ਵਟਾਂਦਰਾ ਹੋਵੇਗਾ।

ਚੌਹਾਨ ਨੇ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਕਿਸਾਨਾਂ ਨਾਲ ਮੁਲਾਕਾਤ ਤੋਂ ਇਲਾਵਾ ਅਬੋਹਰ ਅਤੇ ਫਾਜ਼ਿਲਕਾ ਦਾ ਦੌਰਾ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਧਰਤੀ ਹੇਠਲੇ ਪਾਣੀ ਦੇ ਵਧਦੇ ਪੱਧਰ ਕਾਰਨ ਕਿੰਨੂ ਦੇ ਬਾਗਾਂ ਅਤੇ ਫ਼ਸਲਾਂ ਨੂੰ ਹੋ ਰਹੇ ਨੁਕਸਾਨ ਦਾ ਜਾਇਜ਼ਾ ਲੈਣ ਦਾ ਭਰੋਸਾ ਦਿੱਤਾ।