ਪੰਜਾਬ ਚੋਣਾਂ ਲਈ ਭਾਜਪਾ ਦੀਆਂ ਸਰਗਰਮੀਆਂ ਤੇਜ਼; ਕੇਂਦਰੀ ਮੰਤਰੀ ਸੀ.ਆਰ. ਪਾਟਿਲ ਚੰਡੀਗੜ੍ਹ ਪੁੱਜੇ; ਕਿਹਾ- ਅਕਾਲੀ ਦਲ ਨਾਲ ਗਠਜੋੜ ਬਾਰੇ ਫੈਸਲਾ ਕਰੇਗੀ ਹਾਈਕਮਾਂਡ
ਚੰਡੀਗੜ੍ਹ, 17 ਨਵੰਬਰ 2026: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੀ.ਆਰ. ਪਾਟਿਲ ਅੱਜ ਚੰਡੀਗੜ੍ਹ ਪਹੁੰਚੇ, ਜਿੱਥੇ ਹਵਾਈ ਅੱਡੇ ’ਤੇ ਪੰਜਾਬ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਰਾਜ ਸਭਾ ਮੈਂਬਰ ਡਾ. ਸਤਨਾਮ ਸਿੰਘ ਸੰਧੂ ਅਤੇ ਵਿਨੀਤ ਜੋਸ਼ੀ ਸਮੇਤ ਕਈ ਆਗੂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਪਾਟਿਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਭਾਈਚਾਰੇ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹਨ। ਅਕਾਲੀ-ਭਾਜਪਾ ਗਠਜੋੜ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਤਿਮ ਫੈਸਲਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਅਤੇ ਕਿਤਾਬ ਨੂੰ ਲੈ ਕੇ ਹੋ ਰਹੇ ਵਿਰੋਧ ਬਾਰੇ ਵੀ ਉਨ੍ਹਾਂ ਆਪਣਾ ਪੱਖ ਰੱਖਿਆ। ਜ਼ਿਕਰਯੋਗ ਹੈ ਕਿ ਪਾਟਿਲ ਨੂੰ ਭਾਜਪਾ ਦੇ ਪ੍ਰਮੁੱਖ ਸੰਗਠਨਾਤਮਕ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਉਨ੍ਹਾਂ ਦੀ ਪੰਜਾਬ ਫੇਰੀ ਦੌਰਾਨ ਸੂਬਾਈ ਆਗੂਆਂ ਨਾਲ ਮੀਟਿੰਗਾਂ ਕਰਕੇ ਪਾਰਟੀ ਦੇ ਸੰਗਠਨ ਅਤੇ ਚੋਣ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ। ਉਨ੍ਹਾਂ ਦੀ ਇਸ ਫੇਰੀ ਨੂੰ ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।





