ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ! ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

Top Trending News ਪੰਜਾਬ

ਪੰਜਾਬ ਦੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ! ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਤੋਂ ਪਰਤ ਰਹੇ 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਮਾਛੀਵਾੜਾ ਸਾਹਿਬ, 17 ਨਵੰਬਰ 2026: ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਮਹਿੰਦਰਾ ਪਿਕਅੱਪ ਜੀਪ ਪਵਾਤ ਪੁਲ ਨੇੜੇ ਸੜਕ ’ਤੇ ਖੜ੍ਹੇ ਟਿੱਪਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ ਇੱਕ ਔਰਤ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਸ਼ਰਧਾਲੂ ਗੰਭੀਰ ਜ਼ਖ਼ਮੀ ਹੋ ਗਏ।

ਮ੍ਰਿਤਕਾਂ ਦੀ ਪਛਾਣ ਮਧੂ ਦੇਵੀ (35), ਗੌਰਵ (17) ਅਤੇ ਮੁੰਨਾ (13), ਵਾਸੀ ਗੁਰੋਂ ਕਾਲੋਨੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਛੱਠ ਪੂਜਾ ਮੌਕੇ ਗੁਰੋਂ ਕਾਲੋਨੀ ਦੇ 30 ਤੋਂ ਵੱਧ ਪ੍ਰਵਾਸੀ ਮਜ਼ਦੂਰ ਇੱਕ ਪਿਕਅੱਪ ਜੀਪ ਵਿੱਚ ਸਵਾਰ ਹੋ ਕੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਦੇਰ ਰਾਤ ਕਰੀਬ 11 ਵਜੇ ਵਾਪਸੀ ਦੌਰਾਨ ਪਵਾਤ ਪੁਲ ਨੇੜੇ ਉਨ੍ਹਾਂ ਦੀ ਜੀਪ ਸੜਕ ’ਤੇ ਖੜ੍ਹੇ ਟਿੱਪਰ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਸਵਾਰੀਆਂ ਜੀਪ ਵਿੱਚੋਂ ਬਾਹਰ ਸੜਕ ’ਤੇ ਜਾ ਡਿੱਗੀਆਂ। ਮਧੂ ਦੇਵੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਨਾਬਾਲਗ ਲੜਕਿਆਂ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ।

ਜੀਪ ਚਾਲਕ ਕਮਲੇਸ਼ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹੋਰ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।