- ਅਧਿਆਪਕਾਂ ਦੀਆਂ ਮੰਗਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਵਾਉਣ ਲਈ ਮਾਸਟਰ ਕਾਡਰ ਯੂਨੀਅਨ ਨੇ ਸੌਂਪਿਆ ਮੰਗ ਪੱਤਰ
ਪਠਾਨਕੋਟ, 17 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਸਟਰ ਕਾਡਰ ਯੂਨੀਅਨ (ਸੈਕੰਡਰੀ ਵਿਭਾਗ) ਦੇ ਵਫ਼ਦ ਵੱਲੋਂ ਪਠਾਨਕੋਟ ਵਿਖੇ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੂੰ ਅਧਿਆਪਕਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਵਫ਼ਦ ਵੱਲੋਂ ਅਧਿਆਪਕਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।

ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਅਧਿਆਪਕ ਵਰਗ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਇਸ ਲਈ ਅਧਿਆਪਕਾਂ ਦੀਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਵਿਸ਼ੇਸ਼ ਸਥਾਨ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਹੱਲ ਹੋ ਸਕੇ।
ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਨਰੇਸ਼ ਪੁਰੀ ਅਤੇ ਵਿਧਾਇਕ ਅਮਿਤ ਵਿਜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਯੂਨੀਅਨ ਦੇ ਵਫ਼ਦ ਨੇ ਆਸ ਪ੍ਰਗਟਾਈ ਕਿ ਪਾਰਟੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।





