Big Breaking- ‘ਗੁੱਲਕ ਚੋਰੀ’ ਅਤੇ ਚੌਲ ਘੁਟਾਲੇ ਦੇ ਦੋਸ਼ਾਂ ’ਤੇ AAP ਆਗੂ ਸੌਰਭ ਭਾਰਦਵਾਜ ਅਦਾਲਤ ’ਚ ਪੇਸ਼, 3 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 18 ਨਵੰਬਰ 2026: ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਾਇਰ ਮਾਣਹਾਨੀ ਸ਼ਿਕਾਇਤ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਪ੍ਰਧਾਨ ਸੌਰਭ ਭਾਰਦਵਾਜ ਬੁੱਧਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ। ਉਹ ਵਕੀਲ ਰਜਤ ਭਾਰਦਵਾਜ ਸਮੇਤ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।
ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਵਿਨੋਦ ਜੋਸ਼ੀ ਦੀ ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਸ਼ਿਕਾਇਤ ਦੀਆਂ ਸਾਫਟ ਕਾਪੀਆਂ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਵਿਅਕਤੀਆਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਹੋਵੇਗੀ, ਜਿਸ ਦੌਰਾਨ ਬਚਾਅ ਪੱਖ ਵੱਲੋਂ ਦਲੀਲਾਂ ਪੇਸ਼ ਕੀਤੀਆਂ ਜਾਣਗੀਆਂ।
ਸਿਰਸਾ ਨੇ ਦੋਸ਼ ਲਾਇਆ ਹੈ ਕਿ ਸੌਰਭ ਭਾਰਦਵਾਜ ਅਤੇ ‘ਆਪ’ ਵਿਧਾਇਕ ਸੰਜੀਵ ਝਾਅ ਤੇ ਕੁਲਦੀਪ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ’ਤੇ ‘ਗੁੱਲਕ ਚੋਰੀ’, ‘ਚੌਲ ਚੋਰੀ’ ਅਤੇ ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਬੇਬੁਨਿਆਦ ਦੋਸ਼ ਲਗਾਏ ਸਨ। ਉਨ੍ਹਾਂ ਮੁਤਾਬਕ ਇਨ੍ਹਾਂ ਬਿਆਨਾਂ ਨਾਲ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ।
ਅਦਾਲਤ ਨੇ ਇਸ ਮਾਮਲੇ ਵਿੱਚ 29 ਅਕਤੂਬਰ ਨੂੰ ਤਿੰਨਾਂ ਆਗੂਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਫਿਲਹਾਲ ਅਦਾਲਤ ਨੇ ਸ਼ਿਕਾਇਤ ’ਤੇ ਦੋਸ਼ਾਂ ਦਾ ਨੋਟਿਸ ਲੈਣ ਬਾਰੇ ਅੰਤਿਮ ਫੈਸਲਾ ਨਹੀਂ ਕੀਤਾ ਹੈ।





