BREAKING- ਦਿੱਲੀ ਪੁਲਿਸ ਦਾ ASI 70 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਨਵੀਂ ਦਿੱਲੀ, 18 ਨਵੰਬਰ 2026: ਦਿੱਲੀ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਬਿਊਰੋ (CBI) ਨੇ ਦਿੱਲੀ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ASI) ਨੂੰ 70 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਵਿੰਦਰ ਕੁਮਾਰ ਵਜੋਂ ਹੋਈ ਹੈ, ਜੋ ਭਲਸਵਾ ਡੇਅਰੀ ਥਾਣੇ ਵਿੱਚ ਤਾਇਨਾਤ ਸੀ।
ਸੀਬੀਆਈ ਅਨੁਸਾਰ, ਮੁਲਜ਼ਮ ਨੇ ਇੱਕ ਸ਼ਿਕਾਇਤਕਰਤਾ ਤੋਂ ਪੁਲਿਸ ਕੇਸ ਵਿੱਚ ਰਾਹਤ ਦਿਵਾਉਣ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਨਾ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਸੀਬੀਆਈ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਦੌਰਾਨ ਰਿਸ਼ਵਤ ਮੰਗਣ ਦੇ ਦੋਸ਼ਾਂ ਦੀ ਪੁਸ਼ਟੀ ਹੋਣ ’ਤੇ ਏਜੰਸੀ ਨੇ ਮੁਲਜ਼ਮ ਨੂੰ ਫੜਨ ਲਈ ਜਾਲ ਵਿਛਾਇਆ।
ਜਾਂਚ ਏਜੰਸੀ ਮੁਤਾਬਕ, ਮੁਲਜ਼ਮ ਪਹਿਲੀ ਕਿਸ਼ਤ ਵਜੋਂ ਇੱਕ ਲੱਖ ਰੁਪਏ ਲੈਣ ਲਈ ਸਹਿਮਤ ਹੋਇਆ ਸੀ। ਇਸ ਦੌਰਾਨ ਉਸ ਨੇ 70 ਹਜ਼ਾਰ ਰੁਪਏ ਸਵੀਕਾਰ ਕੀਤੇ ਤਾਂ ਸੀਬੀਆਈ ਟੀਮ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ।
ਸੀਬੀਆਈ ਹੁਣ ਜਾਂਚ ਕਰ ਰਹੀ ਹੈ ਕਿ ਇਸ ਮਾਮਲੇ ਵਿੱਚ ਕੋਈ ਹੋਰ ਪੁਲਿਸ ਮੁਲਾਜ਼ਮ ਜਾਂ ਵਿਅਕਤੀ ਵੀ ਸ਼ਾਮਲ ਸੀ ਜਾਂ ਨਹੀਂ।





