- ਮਾਹੌਲ ਵਿਗੜਨ ’ਤੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਪੰਜਾਬ ਤੋਂ ਬਾਹਰ ਲਿਜਾਣ ਦੀ ਛੋਟ, ਅਦਾਲਤ ਦੇ ਹੁਕਮਾਂ ’ਚ ਖੁਲਾਸਾ
ਅੰਮ੍ਰਿਤਸਰ, 18 ਨਵੰਬਰ (ਦੇਸ਼ ਕਲਿੱਕ ਬਿਊਰੋ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਮਿਲੀ ਕਸਟਡੀ ਪੈਰੋਲ ਦੌਰਾਨ ਜੇਕਰ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜਦੀ ਹੈ ਜਾਂ ਕਿਸੇ ਅਣਸੁਖਾਵੀਂ ਘਟਨਾ ਦਾ ਖ਼ਦਸ਼ਾ ਪੈਦਾ ਹੁੰਦਾ ਹੈ ਤਾਂ ਪੁਲਿਸ ਉਨ੍ਹਾਂ ਨੂੰ ਤੁਰੰਤ ਉੱਥੋਂ ਲਿਜਾ ਸਕਦੀ ਹੈ। ਇੱਥੋਂ ਤੱਕ ਕਿ ਲੋੜ ਪੈਣ ’ਤੇ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਵੀ ਭੇਜਿਆ ਜਾ ਸਕਦਾ ਹੈ। ਇਹ ਗੱਲ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਦੇ ਲਿਖਤੀ ਹੁਕਮਾਂ ਸਾਹਮਣੇ ਆਉਣ ਤੋਂ ਬਾਅਦ ਸਪੱਸ਼ਟ ਹੋਈ ਹੈ।
ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਰਕਾਰ ਅਤੇ ਪੁਲਿਸ ਨੂੰ ਇਹ ਅਧਿਕਾਰ ਦਿੱਤਾ ਹੈ ਕਿ ਜੇਕਰ ਮੌਕੇ ’ਤੇ ਕਾਨੂੰਨ-ਵਿਵਸਥਾ ਭੰਗ ਹੋਣ, ਕਿਸੇ ਅਣਸੁਖਾਵੀਂ ਘਟਨਾ ਵਾਪਰਨ ਜਾਂ ਇਸ ਦਾ ਵਾਜਬ ਖ਼ਦਸ਼ਾ ਹੋਵੇ ਤਾਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਵਾਲੀ ਥਾਂ ਤੋਂ ਤੁਰੰਤ ਹਟਾਇਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਲਿਜਾਣ ਦੀ ਵੀ ਛੋਟ ਹੋਵੇਗੀ।
ਤਿੰਨ ਦਿਨ ਦੀ ਪੈਰੋਲ ਦੇਣ ਤੋਂ ਪੁਲਿਸ ਨੇ ਕੀਤੀ ਸੀ ਅਸਮਰੱਥਾ ਜ਼ਾਹਰ
ਮਾਮਲੇ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਤਿੰਨ ਦਿਨ ਦੀ ਕਸਟਡੀ ਪੈਰੋਲ ਮੰਗੀ ਗਈ ਸੀ, ਪਰ ਪੰਜਾਬ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਇੰਨੇ ਲੰਬੇ ਸਮੇਂ ਲਈ ਪ੍ਰਬੰਧ ਕਰਨ ਵਿੱਚ ਅਸਮਰੱਥਾ ਜ਼ਾਹਰ ਕੀਤੀ ਸੀ। ਪੁਲਿਸ ਮੁਤਾਬਕ ਉਹ ਸਿਰਫ਼ ਤਿੰਨ ਘੰਟਿਆਂ ਲਈ ਹੀ ਸੁਰੱਖਿਆ ਪ੍ਰਬੰਧ ਕਰ ਸਕਦੀ ਹੈ। ਇਸ ਤੋਂ ਬਾਅਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ, ਯਾਨੀ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ। ਇਸ ਦੌਰਾਨ ਉਹ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ।





