ਦਿੱਲੀ ਦੇ ਗੁਰਦੁਆਰੇ ’ਚ ਬੇਅਦਬੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ, ਪੂਰੀ ਪ੍ਰਬੰਧਕ ਕਮੇਟੀ 21 ਨਵੰਬਰ ਨੂੰ ਤਲਬ

Top Trending News ਪੰਜਾਬ
  • ਦਿੱਲੀ ਦੇ ਗੁਰਦੁਆਰੇ ’ਚ ਬੇਅਦਬੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ, ਪੂਰੀ ਪ੍ਰਬੰਧਕ ਕਮੇਟੀ 21 ਨਵੰਬਰ ਨੂੰ ਤਲਬ

ਅੰਮ੍ਰਿਤਸਰ, 18 ਨਵੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੰਭੀਰ ਨੋਟਿਸ ਲਿਆ ਹੈ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕਥਿਤ ਲਾਪਰਵਾਹੀ ਵਰਤਣ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਪੂਰੀ ਪ੍ਰਬੰਧਕ ਕਮੇਟੀ ਨੂੰ 21 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਤਲਬ ਕੀਤਾ ਗਿਆ ਹੈ।

ਜਥੇਦਾਰ ਨੇ ਸਾਰੇ ਸਬੰਧਤ ਮੈਂਬਰਾਂ ਨੂੰ 21 ਨਵੰਬਰ 2026 ਨੂੰ ਸਵੇਰੇ 11 ਵਜੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਗੱਲ ਵੀ ਕਹੀ ਹੈ।

ਦਿੱਲੀ ਸਿੱਖ ਮਿਸ਼ਨ ਰਾਹੀਂ ਰਿਪੋਰਟ ਹਾਸਲ ਕੀਤੀ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਾਮਲੇ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿੱਲੀ ਸਿੱਖ ਮਿਸ਼ਨ ਰਾਹੀਂ ਘਟਨਾ ਸਬੰਧੀ ਰਿਪੋਰਟ ਮੰਗਵਾਈ ਗਈ ਸੀ। ਇਸ ਤੋਂ ਇਲਾਵਾ ਦਿੱਲੀ ਦੀ ਸਿੱਖ ਸੰਗਤ ਵੱਲੋਂ ਵੀ ਸ਼ਿਕਾਇਤਾਂ ਪ੍ਰਾਪਤ ਹੋਈਆਂ। ਪ੍ਰਾਪਤ ਰਿਪੋਰਟ ਅਨੁਸਾਰ, ਘਟਨਾ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਵੀ ਕਥਿਤ ਤੌਰ ’ਤੇ ਵੱਡੀ ਅਣਗਹਿਲੀ ਵਰਤੀ ਗਈ। ਇਸ ਕਾਰਨ ਸਿੱਖ ਸੰਗਤ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਤਲਬ ਕੀਤੇ ਗਏ ਮੈਂਬਰਾਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਕਮੇਟੀ ਦੇ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪੂਰੀ ਪ੍ਰਬੰਧਕ ਕਮੇਟੀ ਨੂੰ ਵੀ ਜਵਾਬ ਦੇਣ ਲਈ ਕਿਹਾ ਗਿਆ ਹੈ।

15 ਨਵੰਬਰ ਨੂੰ ਵਾਪਰੀ ਸੀ ਘਟਨਾ, 17 ਨਵੰਬਰ ਨੂੰ ਮੁੜ ਦਿਖਿਆ ਸ਼ੱਕੀ ਵਿਅਕਤੀ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਨੁਸਾਰ, ਬੇਅਦਬੀ ਦੀ ਘਟਨਾ 15 ਨਵੰਬਰ ਨੂੰ ਵਾਪਰੀ ਸੀ, ਪਰ ਪ੍ਰਬੰਧਕਾਂ ਨੇ 17 ਨਵੰਬਰ ਤੱਕ ਇਸ ਬਾਰੇ ਸੰਗਤ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਘਟਨਾ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣਾ ਵੀ ਚਿੰਤਾ ਦਾ ਵਿਸ਼ਾ ਹੈ। ਦੱਸਿਆ ਗਿਆ ਹੈ ਕਿ 17 ਨਵੰਬਰ ਨੂੰ ਉਹੀ ਵਿਅਕਤੀ ਮੁੜ ਗੁਰਦੁਆਰਾ ਸਾਹਿਬ ਦੇ ਨੇੜੇ ਘੁੰਮਦਾ ਦਿਖਾਈ ਦਿੱਤਾ। ਇਸ ਮਗਰੋਂ ਗ੍ਰੰਥੀ ਸਿੰਘ ਅਤੇ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰਕੇ ਰੌਲਾ ਪਾਇਆ, ਜਿਸ ਤੋਂ ਬਾਅਦ ਸੰਗਤ ਇਕੱਠੀ ਹੋ ਗਈ। ਫਿਲਹਾਲ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ।

ਜਥੇਦਾਰ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਘਟਨਾ ਪਿੱਛੇ ਮੁਲਜ਼ਮ ਦੀ ਮੰਸ਼ਾ ਦੇ ਨਾਲ-ਨਾਲ ਹੋਰ ਤਾਕਤਾਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।

ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਸੁਰੱਖਿਆ ਵਧਾਉਣ ਦੇ ਨਿਰਦੇਸ਼
ਜਥੇਦਾਰ ਨੇ ਦੇਸ਼-ਵਿਦੇਸ਼ ਦੀਆਂ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਹਰ ਸਮੇਂ ਪਹਿਰੇਦਾਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲੇ ਪ੍ਰਬੰਧਕਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।