- SGPC ਪ੍ਰਧਾਨ ਦੀ ਚੋਣ ਦੇ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪੇ: ਕੱਲ੍ਹ ਨੂੰ ਹੋਵੇਗੀ ਨਵੇਂ ਪ੍ਰਧਾਨ ਦੀ ਚੋਣ
- ਹਰਜਿੰਦਰ ਸਿੰਘ ਧਾਮੀ ਨੂੰ ਮੁੜ ਮੌਕਾ ਮਿਲਣ ਦੀ ਸੰਭਾਵਨਾ
ਅੰਮ੍ਰਿਤਸਰ, 19 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਿੱਖ ਸਿਆਸਤ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। 20 ਨਵੰਬਰ ਨੂੰ SGPC ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਇਸ ਚੋਣ ਵਿੱਚ ਅਹਿਮ ਮੰਨੀ ਜਾ ਰਹੀ ਹੈ। ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਬਣਨ ਦੀ ਸੰਭਾਵਨਾ ਵੀ ਚਰਚਾ ਵਿੱਚ ਹੈ। ਚੋਣ ਕੱਲ੍ਹ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣੀ ਹੈ। ਅੰਤਿਮ ਚੋਣ SGPC ਦੇ ਜਨਰਲ ਹਾਊਸ ਦੇ ਮੈਂਬਰਾਂ ਵੱਲੋਂ ਹੀ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਖੇ ਅੱਜ ਕਮੇਟੀ ਦੇ ਦਫ਼ਤਰ ਦਾ ਦੌਰਾ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਚੋਣ ਰਣਨੀਤੀ ਅਤੇ ਅਹੁਦੇਦਾਰਾਂ ਦੇ ਨਾਵਾਂ ‘ਤੇ ਚਰਚਾ ਕੀਤੀ ਗਈ। ਸ਼੍ਰੋਮਣੀ ਕਮੇਟੀ ਚੋਣਾਂ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਵਿੱਚ ਹੋਣਗੀਆਂ। ਅਕਾਲੀ ਦਲ ਦਾ ਟੀਚਾ ਚੋਣਾਂ ਤੋਂ ਪਹਿਲਾਂ ਆਪਣੇ ਮੈਂਬਰਾਂ ਨੂੰ ਇੱਕਜੁੱਟ ਰੱਖਣਾ ਅਤੇ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕਰਨਾ ਹੈ।
ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਇੱਕ ਰਵਾਇਤੀ ਸਾਲਾਨਾ ਮੀਟਿੰਗ ਹੈ। ਉਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਿਚਾਰ ਅਤੇ ਸੁਝਾਅ ਸੁਣਨ ਲਈ ਆਏ ਹਨ। ਇਸ ਤੋਂ ਬਾਅਦ ਚੋਣ ਰਣਨੀਤੀ ਅਤੇ ਅਹੁਦੇਦਾਰਾਂ ਦੇ ਨਾਵਾਂ ‘ਤੇ ਫੈਸਲਾ ਲਿਆ ਜਾਵੇਗਾ।





