ਪੰਜਾਬ-ਚੰਡੀਗੜ੍ਹ ’ਚ ਧੁੰਦ ਦਾ ਕਹਿਰ! 22 ਨਵੰਬਰ ਤੱਕ ਯੈਲੋ ਅਲਰਟ, ਸਵੇਰੇ-ਸ਼ਾਮ ਘੱਟ ਰਹੇਗੀ ਵਿਜ਼ੀਬਿਲਟੀ
ਚੰਡੀਗੜ੍ਹ, 19 ਨਵੰਬਰ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਣ ਦੇ ਨਾਲ ਹੁਣ ਸੰਘਣੀ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ 19 ਤੋਂ 22 ਨਵੰਬਰ ਤੱਕ ਚਾਰ ਦਿਨਾਂ ਲਈ ਧੁੰਦ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸਵੇਰ ਅਤੇ ਰਾਤ ਸਮੇਂ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਰੀਦਕੋਟ 8 ਡਿਗਰੀ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਦਕਿ ਬਰਨਾਲਾ ਵਿੱਚ ਘੱਟੋ-ਘੱਟ ਤਾਪਮਾਨ 13.6 ਡਿਗਰੀ ਦਰਜ ਕੀਤਾ ਗਿਆ।
ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਘੱਟੋ-ਘੱਟ ਤਾਪਮਾਨ ਵਿੱਚ ਵੀ ਵੱਡੇ ਬਦਲਾਅ ਦੇ ਆਸਾਰ ਨਹੀਂ ਹਨ। ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਵੇਰੇ ਅਤੇ ਰਾਤ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।





