- ਤੇਜ਼ ਰਫ਼ਤਾਰ ਕਾਰ ਨੇ 8 ਲੋਕਾਂ ਨੂੰ ਕੁਚਲਿਆ, 2 ਦੀ ਮੌਤ
ਨਵੀਂ ਦਿੱਲੀ: 19 ਨਵੰਬਰ (ਦੇਸ਼ ਕਲਿੱਕ ਬਿਊਰੋ): ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਯੁਧਿਸ਼ਠਿਰ ਸੇਤੂ ’ਤੇ ਤੇਜ਼ ਰਫ਼ਤਾਰ ਕਾਰ ਨੇ ਭਿਆਨਕ ਹਾਦਸਾ ਕਰ ਦਿੱਤਾ। 17 ਅਤੇ 18 ਨਵੰਬਰ ਦੀ ਦਰਮਿਆਨੀ ਰਾਤ ਕਾਰ ਨੇ ਪਹਿਲਾਂ ਇੱਕ ਆਟੋ ਰਿਕਸ਼ਾ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਰਸਤੇ ਵਿੱਚ 6 ਹੋਰ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿੱਚ ਕੁੱਲ 8 ਲੋਕ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕਾਰ ਕਾਫ਼ੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ। ਯੁਧਿਸ਼ਠਿਰ ਸੇਤੂ ’ਤੇ ਆਟੋ ਰਿਕਸ਼ਾ ਨੂੰ ਟੱਕਰ ਮਾਰਨ ਤੋਂ ਬਾਅਦ ਡਰਾਈਵਰ ਨੇ ਗੱਡੀ ਰੋਕਣ ਦੀ ਬਜਾਏ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਾਰ ਨੇ ਰਸਤੇ ਵਿੱਚ ਮੌਜੂਦ 6 ਹੋਰ ਲੋਕਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਕੁਝ ਦੂਰੀ ’ਤੇ ਜਾ ਕੇ ਕਾਰ ਰੁਕ ਗਈ।
ਦੋ ਲੋਕਾਂ ਦੀ ਮੌਤ ਤੋਂ ਬਾਅਦ FIR ਵਿੱਚ ਨਵੀਂ ਧਾਰਾ ਜੋੜੀ
ਹਾਦਸੇ ਤੋਂ ਬਾਅਦ ਪੁਲਿਸ ਨੇ ਸ਼ੁਰੂਆਤ ਵਿੱਚ ਲਾਪਰਵਾਹੀ ਅਤੇ ਖ਼ਤਰਨਾਕ ਢੰਗ ਨਾਲ ਗੱਡੀ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਸੀ। ਪਰ ਜ਼ਖ਼ਮੀਆਂ ਵਿੱਚੋਂ ਦੋ ਦੀ ਮੌਤ ਹੋਣ ਤੋਂ ਬਾਅਦ ਐੱਫਆਈਆਰ ਵਿੱਚ ਧਾਰਾ 108 ਵੀ ਜੋੜ ਦਿੱਤੀ ਗਈ ਹੈ। ਉੱਧਰ, ਹਾਦਸੇ ਨੂੰ ਅੰਜਾਮ ਦੇਣ ਵਾਲਾ ਕਾਰ ਚਾਲਕ ਅਜੇ ਤੱਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।





