ਪਰਾਲੀ ਸਾੜਨ ਦੇ ਮਾਮਲਿਆਂ ’ਤੇ CAQM ਸਖ਼ਤ, ਪੰਜਾਬ ਦੇ 6 ਜ਼ਿਲ੍ਹਿਆਂ ਦੇ DC ਅਤੇ SSP ਨੂੰ ਨੋਟਿਸ

Top Trending News ਪੰਜਾਬ
  • ਪਰਾਲੀ ਸਾੜਨ ਦੇ ਮਾਮਲਿਆਂ ’ਤੇ CAQM ਸਖ਼ਤ, ਪੰਜਾਬ ਦੇ 6 ਜ਼ਿਲ੍ਹਿਆਂ ਦੇ DC ਅਤੇ SSP ਨੂੰ ਨੋਟਿਸ

ਚੰਡੀਗੜ੍ਹ: 19 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮੀ ਦੇ ਦੋਸ਼ਾਂ ਨੂੰ ਲੈ ਕੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਸੂਬੇ ਦੇ ਛੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (DC) ਅਤੇ ਸੀਨੀਅਰ ਪੁਲਿਸ ਕਪਤਾਨਾਂ (SSP) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਸੰਗਰੂਰ, ਪਟਿਆਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ ਸ਼ਾਮਲ ਹਨ।

ਇਹ ਨੋਟਿਸ 18 ਨਵੰਬਰ ਨੂੰ ਜਾਰੀ ਕੀਤੇ ਗਏ। ਸੰਗਰੂਰ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਪਿਛਲੇ ਸਾਲ ਦੇ ਮੁਕਾਬਲੇ ਵਧਣ ਕਾਰਨ ਕਮਿਸ਼ਨ ਨੇ ਖ਼ਾਸ ਚਿੰਤਾ ਪ੍ਰਗਟਾਈ ਹੈ। ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਨੂੰ ਵੀ ਨੋਟਿਸ ਭੇਜਿਆ ਗਿਆ ਹੈ।

ਸੰਗਰੂਰ ਵਿੱਚ ਪਿਛਲੇ ਸਾਲ ਨਾਲੋਂ 47 ਮਾਮਲੇ ਵੱਧ
CAQM ਵੱਲੋਂ ਜਾਰੀ ਅੰਕੜਿਆਂ ਮੁਤਾਬਕ 15 ਸਤੰਬਰ ਤੋਂ 16 ਨਵੰਬਰ 2026 ਤੱਕ ਸੰਗਰੂਰ ਵਿੱਚ ਪਰਾਲੀ ਸਾੜਨ ਦੀਆਂ 741 ਘਟਨਾਵਾਂ ਦਰਜ ਕੀਤੀਆਂ ਗਈਆਂ। ਪਿਛਲੇ ਸਾਲ ਇਸੇ ਸਮੇਂ ਦੌਰਾਨ ਇਹ ਗਿਣਤੀ 694 ਸੀ। ਇਸ ਤਰ੍ਹਾਂ ਇਸ ਵਾਰ 47 ਮਾਮਲੇ ਵੱਧ ਸਾਹਮਣੇ ਆਏ ਹਨ। ਇਕੱਲੇ 16 ਨਵੰਬਰ ਨੂੰ ਹੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ 52 ਘਟਨਾਵਾਂ ਦਰਜ ਹੋਈਆਂ। ਕਮਿਸ਼ਨ ਨੇ ਸਵਾਲ ਚੁੱਕਿਆ ਹੈ ਕਿ 741 ਘਟਨਾਵਾਂ ਦੇ ਮੁਕਾਬਲੇ ਸਿਰਫ਼ 23 ਨਾਨ-AFL ਖੇਤਾਂ ਵਿੱਚ ਹੀ ਪਰਾਲੀ ਸਾੜਨ ਦੇ ਨਿਸ਼ਾਨ ਕਿਵੇਂ ਮਿਲੇ। ਇਸ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਖ਼ਿਲਾਫ਼ ਧਾਰਾ 14 ਤਹਿਤ ਕਾਰਵਾਈ ਸ਼ੁਰੂ ਨਾ ਕੀਤੇ ਜਾਣ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ।

23 ਨਵੰਬਰ ਤੱਕ ਜਵਾਬ ਦੇਣ ਦੇ ਹੁਕਮ
CAQM ਨੇ ਸਬੰਧਤ DC ਅਤੇ SSP ਤੋਂ ਪੁੱਛਿਆ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਨਾ ਲਗਾ ਸਕਣ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਧਿਕਾਰੀਆਂ ਨੂੰ 23 ਨਵੰਬਰ 2026 ਨੂੰ ਸ਼ਾਮ 5 ਵਜੇ ਤੱਕ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ ਗਿਆ ਹੈ। ਨੋਟਿਸ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਨਿਰਧਾਰਤ ਸਮੇਂ ਅੰਦਰ ਜਵਾਬ ਨਾ ਮਿਲਣ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਨੋਟਿਸਾਂ ਤੋਂ ਬਾਅਦ ਪੰਜਾਬ ਦੇ ਛੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਵਿਭਾਗਾਂ ਵਿੱਚ ਹਲਚਲ ਤੇਜ਼ ਹੋ ਗਈ ਹੈ।