ਪੰਜਾਬ ਦੇ ਅਹਿਮ ਮੁੱਦਿਆਂ ’ਤੇ ਸਿਆਸੀ ਪਾਰਟੀਆਂ ਵੱਲੋਂ ਰੋਡਮੈਪ ਜਾਰੀ ਨਾ ਕੀਤੇ ਜਾਣਾ ਚਿੰਤਾਜਨਕ- ਪਲਾਹੀ
ਫਗਵਾੜਾ, 20 ਨਵੰਬਰ 2026- ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ, ਜਨਰਲ ਸਕੱਤਰ ਗੁਰਚਰਨ ਸਿੰਘ ਨੂਰਪੁਰ, ਖ਼ਜ਼ਾਨਚੀ ਦੀਦਾਰ ਸਿੰਘ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਸਾਬਕਾ ਡੀ.ਪੀ.ਆਰ.ਓ., ਰਵਿੰਦਰ ਚੋਟ ,ਡਾ. ਐੱਸ. ਐੱਸ. ਛੀਨਾ ਅਤੇ ਡਾ. ਚਰਨਜੀਤ ਸਿੰਘ ਗੁੰਮਟਾਲਾ ਅਤੇ ਸਰਪ੍ਰਸਤ ਨਰਪਾਲ ਸਿੰਘ ਸ਼ੇਰਗਿੱਲ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਸ਼ੁਰੂ ਹੋ ਗਿਆ ਹੈ, ਪਰ ਕਿਸੇ ਵੀ ਸਿਆਸੀ ਪਾਰਟੀ ਨੇ ਸੂਬੇ ਦੇ ਅਹਿਮ ਮਸਲਿਆਂ ਦੇ ਹੱਲ ਲਈ ਕੋਈ ਠੋਸ ਰੋਡਮੈਪ ਜਾਰੀ ਨਹੀਂ ਕੀਤਾ ਹੈ। ਉਹਨਾ ਕਿਹਾ ਕਿ ਇਹ ਚਿੰਤਾਜਨਕ ਹੈ।
ਮੰਚ ਦੇ ਨੇ ਕਿਹਾ ਕਿ ਸਿਆਸੀ ਪਾਰਟੀਆਂ ਨਸ਼ਿਆਂ, ਮੁਫ਼ਤ ਦੀਆਂ ਸਕੀਮਾਂ ਜਾਂ ਧਾਰਮਿਕ ਮੁੱਦਿਆਂ ਦੀ ਗੱਲ ਤਾਂ ਕਰਦੀਆਂ ਹਨ, ਪਰ ਪੰਜਾਬ ਦੇ ਪਾਣੀਆਂ ਦੇ ਮਸਲੇ ’ਤੇ ਚੁੱਪ ਹਨ। ਬੇਰੁਜ਼ਗਾਰੀ ਖ਼ਤਮ ਕਰਨ ਦਾ ਮੁੱਦਾ ਉਨ੍ਹਾਂ ਦੀ ਪਹਿਲ ਨਹੀਂ ਹੈ ਅਤੇ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਖ਼ਤਮ ਕਰਨ ਲਈ ਉਨ੍ਹਾਂ ਕੋਲ ਕੋਈ ਸਪਸ਼ਟ ਯੋਜਨਾ ਨਹੀਂ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵਿਗੜਦੇ ਆਬਾਦੀ ਦੇ ਤਨਾਸਬ ਬਾਰੇ ਵੀ ਕੋਈ ਪਾਰਟੀ ਗੱਲ ਨਹੀਂ ਕਰ ਰਹੀ।
ਸਾਂਝੇ ਬਿਆਨ ਵਿੱਚ ਅੱਗੇ ਕਿਹਾ ਗਿਆ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਮੁੜ ਪੰਜਾਬ ਵਿੱਚ ਰਲਾਉਣ ਅਤੇ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੇ ਮੁੱਦੇ ਉਠਾਉਣ ਦੀ ਸ਼ਾਇਦ ਸਿਆਸੀ ਪਾਰਟੀਆਂ ਵਿੱਚ ਹਿੰਮਤ ਹੀ ਨਹੀਂ ਰਹੀ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਦੀ ਡੈਮੋਗ੍ਰਾਫੀ ਦਾਅ ’ਤੇ ਲੱਗੀ ਹੋਈ ਹੈ ਅਤੇ ਪੰਜਾਬ ਵਿੱਚ ਪੰਜਾਬੀਆਂ ਦੀ ਵਸੋਂ ਪਲਟ ਰਹੀ ਹੈ। ਉਨ੍ਹਾਂ ਮੁਤਾਬਕ ਸਿਆਸੀ ਧਿਰਾਂ ਪੰਜਾਬ ਦੇ ਭਖਦੇ ਮਸਲਿਆਂ ਤੋਂ ਮੂੰਹ ਮੋੜ ਕੇ ਸਿਰਫ਼ ਵੋਟਾਂ ਦੀ ਸਿਆਸਤ ਕਰਨ ਦੇ ਰਾਹ ਪਈਆਂ ਹੋਈਆਂ ਹਨ, ਜੋ ਕਿ ਬੇਹੱਦ ਗੰਭੀਰ ਸਥਿਤੀ ਹੈ ਅਤੇ ਇਸ ਵੇਲੇ ਪੰਜਾਬ ਬੁਰੀ ਤਰ੍ਹਾਂ ਕਰਜ਼ਾਈ ਹੋ ਚੁੱਕਾ ਹੈ।
ਮੰਚ ਦੇ ਅਹੁਦੇਦਾਰਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਹਿਤੈਸ਼ੀ ਪਹੁੰਚ ਅਪਨਾਉਂਦਿਆਂ ਹਰ ਪਾਰਟੀ ਦੇ ਵੱਡੇ ਆਗੂਆਂ ਨੂੰ ਇਨ੍ਹਾਂ ਮੁੱਦਿਆਂ ’ਤੇ ਸਵਾਲ ਕਰਨ। ਨਾਲ ਹੀ ਉਨ੍ਹਾਂ ਲੇਖਕਾਂ, ਪੱਤਰਕਾਰਾਂ ਅਤੇ ਸਮੁੱਚੇ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ’ਤੇ ਵੱਧ ਤੋਂ ਵੱਧ ਲਿਖਿਆ ਜਾਵੇ ਅਤੇ ਪਾਠਕਾਂ ਨੂੰ ਜਾਗਰੂਕ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁੱਦਿਆਂ ਉੱਤੇ ਡੂੰਘਾਈ ਨਾਲ ਚਰਚਾ ਕਰਨ ਲਈ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਵੀ ਕਰਵਾਏ ਜਾਣਗੇ।





