- ਖੁੱਡੀਆਂ ਪਰਿਵਾਰ ਇਕਜੁੱਟ ਹੋ ਕੇ ਧੀਰਾ ਖੁੱਡੀਆਂ ਦੀ ਚੋਣ ਮੁਹਿੰਮ ਨੂੰ ਦੇਵੇਗਾ ਮਜ਼ਬੂਤੀ: ਗੁਰਮੀਤ ਖੁੱਡੀਆਂ
- ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੇਅਰਮੈਨ ਧੀਰਾ ਖੁੱਡੀਆਂ ਗੁਰਦੁਆਰਾ ਸ੍ਰੀ ਥੇੜੀ ਸਾਹਿਬ ਵਿਖੇ ਹੋਏ ਨਤਮਸਤਕ, ਚੋਣ ਮੁਹਿੰਮ ਦਾ ਕੀਤਾ ਆਗਾਜ਼
ਲੰਬੀ, 20 ਨਵੰਬਰ 2026 (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਵੱਲੋਂ ਪੰਜਾਬ ਕੋਨਵੇਅਰ ਦੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਲੰਬੀ ਹਲਕੇ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਗੁਰਦੁਆਰਾ ਸ੍ਰੀ ਥੇੜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਧੀਰਾ ਖੁੱਡੀਆਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੁੱਡੀਆਂ ਪਰਿਵਾਰ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਰਿਵਾਰ ਵੱਲੋਂ ਧੀਰਾ ਖੁੱਡੀਆਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੰਬੀ ਹਲਕੇ ਦੇ ਲੋਕਾਂ ਨੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਮੁਕਾਬਲੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾਈ ਸੀ, ਉਸੇ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੰਬੀ ਹਲਕੇ ਦੇ ਲੋਕ ਆਪਣਾ ਪਿਆਰ ਅਤੇ ਸਮਰਥਨ ਦਿੰਦਿਆਂ ਜਿੱਤ ਦਾ ਤੋਹਫ਼ਾ ਉਨ੍ਹਾਂ ਦੇ ਭਤੀਜੇ ਦੀ ਝੋਲੀ ਪਾਉਣਗੇ। ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਜਦੋਂ ਧੀਰਾ ਖੁਡੀਆਂ ਨੂੰ ਲੰਬੀ ਹਲਕੇ ਤੋਂ ਉਮੀਦਵਾਰ ਬਣਾਉਣ ਦੇ ਬਾਰੇ ਪੁੱਛਿਆ ਤਾਂ ਮੈਂ ਖੁਸ਼ੀ ਜਾਹਿਰ ਕੀਤੀ ਕਿ ਅਸੀਂ ਤਾਂ ਇੱਕੋ ਪਰਿਵਾਰ ਹਾਂ ਅਤੇ ਮੈਂ ਹਰ ਤਰੀਕੇ ਦੇ ਨਾਲ ਧੀਰਾ ਖੁੱਡੀਆਂ ਦੀ ਮਦਦ ਕਰਾਂਗਾ ਅਤੇ ਮੈਂਨੂੰ ਖੁਸ਼ੀ ਹੈ ਕਿ ਮੇਰੇ ਭਤੀਜੇ ਧੀਰਾ ਖੁਡੀਆਂ ਨੂੰ ਪਾਰਟੀ ਨੇ ਲੰਬੀ ਹਲਕੇ ਤੋਂ ਉਮੀਦਵਾਰ ਬਣਾਇਆ।
ਇਸ ਮੌਕੇ ਚੇਅਰਮੈਨ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਹਾਈਕਮਾਨ ਅਤੇ ਪਾਰਟੀ ਲੀਡਰਸ਼ਿਪ ਦੇ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ‘ਤੇ ਭਰੋਸਾ ਜਤਾਉਂਦਿਆਂ ਲੰਬੀ ਹਲਕੇ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ ਅਤੇ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਲੰਬੀ ਹਲਕੇ ਦੇ ਲੋਕਾਂ ਦਾ ਪਿਆਰ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨਾਂ ਆਈ ਹੋਈ ਸੰਗਤ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਚੋਣ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।
ਇਸ ਸਮਾਗਮ ਵਿੱਚ ਲੰਬੀ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਕਈ ਪਿੰਡਾਂ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ, ਜਿੱਥੇ ਲੋਕਾਂ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸਮਰਥਕਾਂ ਨੇ ਲੱਡੂ ਵੰਡ ਕੇ ਅਤੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਸਮੁੱਚੇ ਸਮਾਗਮ ਦੌਰਾਨ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਪੰਜਾਬ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਜਗਦੇਵ ਸਿੰਘ ਬਾਮ ,ਪਲੈਨਿੰਗ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੋਣੀ ,ਮਾਰਕੀਟ ਕਮੇਟੀ ਮੰਡੀ ਕਿਲਿਆਂਵਾਲੀ ਦੇ ਚੇਅਰਮੈਨ ਗੁਰਬਾਜ ਸਿੰਘ ਬਣਵਾਲਾ ,ਬਲਾਕ ਪ੍ਰਧਾਨ ਸ਼ਿਵਰਾਜ ਮਿਠੜੀ, ਚੇਅਰਮੈਨ ਹਰਪ੍ਰੀਤ ਸਿੰਘ ਮਾਨ ਕਰਮਗੜ੍ਹ,ਬਲਾਕ ਪ੍ਰਧਾਨ ਜਸਬੀਰ ਸਿੰਘ,ਬਲਾਕ ਪ੍ਰਧਾਨ ਗੁਰਚਰਨ ਸਿੰਘ ਚਾਨਾ,ਬਲਾਕ ਪ੍ਰਧਾਨ ਬਲਵੀਰ ਮਹਿਣਾ,ਬਲਾਕ ਪ੍ਰਧਾਨ ਸਰਬਜੀਤ ਸਿੰਘ,ਬਲਾਕ ਪ੍ਰਧਾਨ ਲਾਲੀ ਕਰਮਗੜ੍ਹ ਬਲਾਕ ਪ੍ਰਧਾਨ ਹਰਕੇਵਲ ਸਿੰਘ ਧਾਲੀਵਾਲ ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ ਪੰਚ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਰ ਰਹੇ।





