SGPC ਪ੍ਰਧਾਨ ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

Top Trending News ਪੰਜਾਬ
  • SGPC ਪ੍ਰਧਾਨ ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
  • ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਜੂਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਬਣੇ ਜਨਰਲ ਸਕੱਤਰ
  • ਸਿੱਖੀ ਪ੍ਰਚਾਰ, ਵਿਦਿਆ ਤੇ ਸਿਹਤ ਸੇਵਾਵਾਂ ਦੇ ਪ੍ਰਸਾਰ ਦੇ ਨਾਲ ਨਾਲ ਸੰਗਤੀ ਸਹੂਲਤਾਂ ਲਈ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜ਼ੀਹ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ।

ਜਨਰਲ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਮੋਹਨ ਸਿੰਘ ਬੰਗੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਰਣਜੀਤ ਸਿੰਘ ਕਾਹਲੋਂ, ਸ. ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਸ. ਚਰਨ ਸਿੰਘ ਆਲਮਗੀਰ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਕੁਲਦੀਪ ਸਿੰਘ ਨੱਸੂਪੁਰ ਤੇ ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।

ਸ਼੍ਰੋਮਣੀ ਕਮੇਟੀ ਦੇ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਤੋਂ ਇਲਾਵਾ ਸਿੱਖ ਪੰਥ ਦੇ ਮਹੱਤਵਪੂਰਨ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਦਾ ਛੇਵੀਂ ਵਾਰ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਲਈ ਉਹ ਜਿਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ, ਉਥੇ ਹੀ ਇਸ ਵੱਡੀ ਸੇਵਾ ਲਈ ਮਾਣ ਬਖ਼ਸ਼ਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕਰਦੇ ਹਨ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਆਉਂਦਾ ਵਰ੍ਹਾ ਭਗਤ ਰਵਿਦਾਸ ਜੀ ਦੀ ਜਨਮ ਸ਼ਤਾਬਦੀ ਦੇ ਨਾਲ-ਨਾਲ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਹੋਣ ਕਰਕੇ ਇਨ੍ਹਾਂ ਸ਼ਤਾਬਦੀਆਂ ਦੇ ਸਮਾਗਮਾਂ ਨੂੰ ਯੋਜਨਬੱਧ ਤਰੀਕੇ ਨਾਲ ਮਨਾਇਆ ਜਾਵੇਗਾ। ਭਗਤ ਰਵਿਦਾਸ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਸ਼ਤਾਬਦੀ ਤੀਕ ਵੱਖ-ਵੱਖ ਥਾਵਾਂ ’ਤੇ ਜਾਰੀ ਰਹਿਣਗੇ। ਉਨ੍ਹਾਂ ਭਵਿੱਖ ਦੀਆਂ ਮੁੱਢਲੀਆਂ ਤਰਜ਼ੀਹਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਧਰਮ ਪ੍ਰਚਾਰ ਖੇਤਰ ਦੇ ਨਾਲ-ਨਾਲ ਮਾਨਵ ਭਲਾਈ ਦੇ ਕਾਰਜਾਂ ਲਈ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ। ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਅੰਦਰ ਵੀ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਮੁੱਖਤਾ ਨਾਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਮਰੀਕਾ ਵਿਖੇ ਸਿੱਖ ਕੇਂਦਰ ਸਥਾਪਿਤ ਕਰਨ ਦਾ ਆਰੰਭਿਆ ਕਾਰਜ ਜਲਦ ਮੁਕੰਮਲ ਹੋਵੇਗਾ ਅਤੇ ਯੂਕੇ ਵਿਖੇ ਖੋਲ੍ਹਿਆ ਗਿਆ ਧਰਮ ਪ੍ਰਚਾਰ ਕੇਂਦਰ ਵੀ ਸੰਗਤਾਂ ਦੀ ਸੇਵਾ ਲਈ ਨਿਰੰਤਰ ਕਾਰਜ ਕਰੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੰਡੀਗੜ੍ਹ ਵਿਖੇ ਖੋਲ੍ਹੀ ਗਈ ਨਿਸ਼ਚੈ ਪ੍ਰਕਾਸ਼ਕੀ ਸੇਵਾਵਾਂ ਅਕੈਡਮੀ ਰਾਹੀਂ ਵੱਧ ਤੋਂ ਵੱਧ ਨੌਜੁਆਨਾਂ ਨੂੰ ਪ੍ਰਕਾਸ਼ਨਿਕ ਸੇਵਾਵਾਂ ਲਈ ਤਿਆਰ ਕੀਤਾ ਜਾਵੇਗਾ। ਕਿਉਂਕਿ ਇਹ ਸਮੇਂ ਦੀ ਵੱਡੀ ਲੋੜ ਹੈ ਕਿ ਸਿੱਖ ਨੌਜੁਆਨੀ ਉੱਚ ਅਹੁਦਿਆਂ ’ਤੇ ਕਾਰਜਸ਼ੀਲ ਹੋਵੇ ਅਤੇ ਆਪਣੀ ਪ੍ਰਸ਼ਾਸਨਿਕ ਜ਼ੁੰਮੇਵਾਰੀ ਦੇ ਨਾਲ-ਨਾਲ ਕੌਮੀ ਉਭਾਰ ਲਈ ਵੀ ਯਤਨ ਕਰੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਿਹਤ ਸੇਵਾਵਾਂ, ਵਿਦਿਆ ਦੇ ਪ੍ਰਸਾਰ, ਮਨੁਖੀ ਭਲਾਈ ਆਦਿ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ ਲਈ ਨਿਰੰਤਰ ਯਤਨ ਹੋਣਗੇ। ਪ੍ਰਬੰਧਕੀ ਸੁਧਾਰ ਅਤੇ ਸੰਗਤਾਂ ਲਈ ਸਹੂਲਤਾਂ ਵੀ ਸ਼੍ਰੋਮਣੀ ਕਮੇਟੀ ਦੀ ਪਹਿਲ ਰਹੇਗੀ।

ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਆਖਿਆ ਕਿ ਗੁਰੂ ਘਰ ਦੀ ਸੇਵਾ ਸਮਰਪਣ ਅਤੇ ਇਮਾਨਦਾਰੀ ਦੀ ਮਿਸਾਲ ਵਜੋਂ ਹੈ ਅਤੇ ਹਰ ਮੁਲਾਜ਼ਮ ਲਈ ਇਸ ਦਾ ਪਾਲਣ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਕੁਤਾਹੀ, ਲਾਪ੍ਰਵਾਹੀ ਅਤੇ ਸਰਵਿਸ ਨਿਯਮਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵੀ ਉਲੰਘਣਾ ਕਰੇਗਾ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਗੁਰੂ ਦੀ ਭੈਅਭਾਵਨੀ ਵਿਚ ਰਹਿ ਕੇ ਆਪਣੀ ਜ਼ੁੰਮੇਵਾਰੀ ਨਿਭਾਉਣ ਲਈ ਆਖਿਆ।

ਐਡਵੋਕੇਟ ਧਾਮੀ ਤੇ ਚੁਣੇ ਹੋਰ ਅਹੁਦੇਦਾਰਾਂ ਨੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਐਡਵੋਕੇਟ ਧਾਮੀ ਸਮੇਤ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ। ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ।