ਦਾਦੀ ਦੇ ਅੰਤਿਮ ਸਸਕਾਰ ਲਈ ਅੰਮ੍ਰਿਤਪਾਲ ਸਿੰਘ ਪੰਜਾਬ ਪਹੁੰਚੇ, ਜੱਲੂਪੁਰ ਖੇੜਾ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
ਅੰਮ੍ਰਿਤਸਰ, 21 ਨਵੰਬਰ 2026: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਪੁਲੀਸ ਦੀ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਹੁਣ ਉਨ੍ਹਾਂ ਨੂੰ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।
ਪਿੰਡ ਵਿੱਚ ਸਸਕਾਰ ਦੀਆਂ ਰਸਮਾਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਦੀ ਅਦਾਲਤ ਦੇ ਵਧੀਕ ਸੈਸ਼ਨ ਜੱਜ ਵੱਲੋਂ ਮਨੁੱਖੀ ਆਧਾਰ ’ਤੇ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਮਨਜ਼ੂਰ ਕੀਤੀ ਗਈ ਹੈ।
ਇਸ ਦੌਰਾਨ ਉਹ ਪੁਲੀਸ ਹਿਰਾਸਤ ਵਿੱਚ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿ ਕੇ ਦਾਦੀ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ। ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹਵਾਈ ਅੱਡੇ ਲਿਆਂਦਾ ਗਿਆ। ਇਸ ਲਈ ਸੱਤ ਵਾਹਨਾਂ ਦਾ ਕਾਫ਼ਲਾ ਤਾਇਨਾਤ ਸੀ।
ਉੱਥੋਂ ਉਨ੍ਹਾਂ ਨੂੰ ਪਹਿਲਾਂ ਹਵਾਈ ਜਹਾਜ਼ ਰਾਹੀਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਲਿਆਂਦਾ ਗਿਆ। ਪ੍ਰਸ਼ਾਸਨ ਵੱਲੋਂ ਨਿਰਧਾਰਤ ਪ੍ਰਬੰਧਾਂ ਅਨੁਸਾਰ, ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ।
ਉਨ੍ਹਾਂ ਦੀ ਵਾਪਸੀ 22 ਨਵੰਬਰ ਨੂੰ ਤੈਅ ਕੀਤੀ ਗਈ ਹੈ। ਇਸ ਘਟਨਾਕ੍ਰਮ ਕਾਰਨ ਜੱਲੂਪੁਰ ਖੇੜਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਲੋਕਾਂ ਦੀਆਂ ਨਜ਼ਰਾਂ ਸੁਰੱਖਿਆ ਪ੍ਰਬੰਧਾਂ ਅਤੇ ਅੰਤਿਮ ਸਸਕਾਰ ਦੀਆਂ ਰਸਮਾਂ ’ਤੇ ਟਿਕੀਆਂ ਹੋਈਆਂ ਹਨ।





