ਪੰਜਾਬੀ ਯੂਨੀਵਰਸਿਟੀ ਵਿਖੇ ਚਾਰ ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲਾ ਸੰਪੰਨ
ਪੰਜਾਬੀ ਯੂਨੀਵਰਸਿਟੀ ਨੇ ਹਾਸਿਲ ਕੀਤਾ ਓਵਰ-ਆਲ ਦੂਜਾ ਸਥਾਨ
ਪੰਜਾਬੀ ਸੱਭਿਆਚਾਰ ਅਤੇ ਲੋਕ-ਕਲਾਵਾਂ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ: ਡਾ. ਜਗਦੀਪ ਸਿੰਘ
ਪਟਿਆਲਾ, 21 ਨਵੰਬਰ
ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਚਾਰ ਦਿਨ ਤੋਂ ਜਾਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਦਾ ‘ਪੰਜਾਬ ਰਾਜ ਅੰਤਰ-ਵਰਸਿਟੀ ਯੁਵਕ ਮੇਲਾ’ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ਼ ਸਿਖ਼ਰ ‘ਤੇ ਪਹੁੰਚਦਾ ਹੋਇਆ
ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਇਸ ਯੁਵਕ ਮੇਲੇ ਦੌਰਾਨ ਪੰਜਾਬ ਦੀਆਂ 23 ਵੱਖ-ਵੱਖ ਯੂਨੀਵਰਸਿਟੀਆਂ ਦੇ ਯੁਵਕ ਮੇਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੇ 56 ਵੱਖ-ਵੱਖ ਕਲਾ ਵੰਨਗੀਆਂ ਵਿੱਚ ਆਪਣੀ ਪ੍ਰਤਿਭਾ ਦੇ ਜੌਹਰ ਵਿਖਾਏ।
ਇਸ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਨੇ ਵੱਖ-ਵੱਖ ਕਲਾਤਮਕ ਵੰਨਗੀਆਂ ਵਿੱਚ ਜਿੱਤ ਦਰਜ ਕਰਦਿਆਂ ਪਹਿਲਾ ਰਨਰ-ਅਪ ਭਾਵ ਓਵਰ-ਆਲ ਦੂਜਾ ਸਥਾਨ ਹਾਸਿਲ ਕਰ ਲਿਆ ਹੈ।
ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਇਸ ਮੇਲੇ ਵਿੱਚ ਓਵਰਆਲ ਚੈਂਪੀਅਨ ਬਣੀ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਮੇਲੇ ਦੇ ਆਖਰੀ ਦਿਨ ਹੋਏ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਲੋਕ-ਕਲਾਵਾਂ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨਾਂ ਵੱਲੋਂ ਇਨ੍ਹਾਂ ਵੰਨਗੀਆਂ ਵਿੱਚ ਦਿਖਾਇਆ ਗਿਆ ਉਤਸ਼ਾਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਨੌਜਵਾਨ ਕਲਾਕਾਰ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਇਸ ਉਪਰੰਤ ਜੇਤੂ ਟੀਮਾਂ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਕਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਨੌਜਵਾਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੀ ਰੱਖਦੀਆਂ ਹਨ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਯੂਨੀਵਰਸਿਟੀ ਦੇ ਸਮੂਹ ਪ੍ਰਬੰਧਕਾਂ ਨੂੰ ਇਸ ਸ਼ਾਨਦਾਰ ਆਯੋਜਨ ਲਈ ਵਧਾਈ ਵੀ ਦਿੱਤੀ।
ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਚਾਰ ਦਿਨ ਪੰਜ ਵੱਖ-ਵੱਖ ਮੰਚਾਂ ਉੱਤੇ ਸਮਾਨੰਤਰ ਚੱਲਿਆ। ਉਨ੍ਹਾਂ ਦੱਸਿਆ ਕਿ ਆਖਰੀ ਦਿਨ ਗਿੱਧੇ ਤੋਂ ਇਲਾਵਾ ਰਵਾਇਤੀ ਪਹਿਰਾਵਾ ਪ੍ਰਦਰਸ਼ਨੀ, ਦਸਤਾਰ ਸਜਾਉਣ ਅਤੇ ਰਵਾਇਤੀ ਲੋਕ ਗੀਤ ਦੇ ਮੁਕਾਬਲੇ ਹੋਏ।





