- ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ’ਤੇ ਫਿਲਹਾਲ ਰਾਹਤ ਨਹੀਂ, ਪਈ ਅਗਲੀ ਤਰੀਕ
ਮੋਹਾਲੀ: 21 ਨਵੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਵਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਦੇ ਮਾਮਲੇ ਵਿੱਚ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣਾ ਜਵਾਬ ਦਾਖ਼ਲ ਕਰਦਿਆਂ ਕਿਹਾ ਕਿ ਮਜੀਠੀਆ ਨੇ ਵਿਦੇਸ਼ ਯਾਤਰਾ ਸਬੰਧੀ ਲੋੜੀਂਦੀ ਪੂਰੀ ਜਾਣਕਾਰੀ ਨਹੀਂ ਦਿੱਤੀ ਹੈ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਕੀਤੀ ਤੈਅ
ਵਿਜੀਲੈਂਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮਜੀਠੀਆ ਨੇ ਇਹ ਨਹੀਂ ਦੱਸਿਆ ਕਿ ਉਹ ਕਿਸ ਉਡਾਣ ਰਾਹੀਂ ਵਿਦੇਸ਼ ਜਾਣਗੇ ਅਤੇ ਕਿਸ ਸ਼ਹਿਰ ਦਾ ਦੌਰਾ ਕਰਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਵਿਦੇਸ਼ ਵਿੱਚ ਠਹਿਰਨ ਵਾਲੀ ਥਾਂ ਬਾਰੇ ਵੀ ਜਾਣਕਾਰੀ ਨਹੀਂ ਦਿੱਤੀ ਗਈ। ਵਿਜੀਲੈਂਸ ਮੁਤਾਬਕ ਯਾਤਰਾ ਦੇ ਇਨ੍ਹਾਂ ਵੇਰਵਿਆਂ ਤੋਂ ਬਿਨਾਂ ਵਿਦੇਸ਼ ਜਾਣ ਦੀ ਮਨਜ਼ੂਰੀ ਦੇਣ ’ਤੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ।
ਦਸੰਬਰ ਵਿੱਚ ਵਿਦੇਸ਼ ਜਾਣ ਦੀ ਮੰਗ
ਮਜੀਠੀਆ ਨੇ ਦਸੰਬਰ ਮਹੀਨੇ ਵਿੱਚ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਮੋਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ’ਤੇ ਬਾਹਰ ਹਨ। ਜ਼ਮਾਨਤ ਦੀਆਂ ਸ਼ਰਤਾਂ ਅਨੁਸਾਰ ਵਿਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਅਦਾਲਤ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੈ।
ਜ਼ਬਤ ਮੋਬਾਈਲ ਫੋਨ ਦੀ ਵਾਪਸੀ ’ਤੇ ਵੀ ਸੁਣਵਾਈ
ਮਜੀਠੀਆ ਵੱਲੋਂ ਜਾਂਚ ਦੌਰਾਨ ਜ਼ਬਤ ਕੀਤਾ ਗਿਆ ਮੋਬਾਈਲ ਫੋਨ ਵਾਪਸ ਲੈਣ ਲਈ ਦਾਇਰ ਅਰਜ਼ੀ ’ਤੇ ਵੀ ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਈ। ਉਨ੍ਹਾਂ ਨੇ 4 ਜੁਲਾਈ 2026 ਨੂੰ ਮੋਬਾਈਲ ਫੋਨ ਜਾਰੀ ਕਰਵਾਉਣ ਲਈ ਅਰਜ਼ੀ ਦਿੱਤੀ ਸੀ, ਜਿਸ ’ਤੇ ਵਿਜੀਲੈਂਸ ਬਿਊਰੋ ਨੇ 29 ਅਗਸਤ 2026 ਨੂੰ ਆਪਣਾ ਜਵਾਬ ਦਾਖ਼ਲ ਕੀਤਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਨੂੰ ਹੋਵੇਗੀ।
ਗਜਪਤ ਸਿੰਘ ਗਰੇਵਾਲ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ
ਇਸੇ ਮਾਮਲੇ ਨਾਲ ਸਬੰਧਤ ਇੱਕ ਹੋਰ ਕੇਸ ਵਿੱਚ ਦੂਜੇ ਮੁਲਜ਼ਮ ਗਜਪਤ ਸਿੰਘ ਗਰੇਵਾਲ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ’ਤੇ ਵੀ ਅਦਾਲਤ ਵਿੱਚ ਸੁਣਵਾਈ ਹੋਈ।





