- ਪਰਗਟ ਸਿੰਘ ਅਤੇ MP ਡਾ. ਧਰਮਵੀਰ ਗਾਂਧੀ ਨੂੰ ਜੇਲ੍ਹ ਵਿੱਚ ਬੰਦ ਯੂਥ ਕਾਂਗਰਸੀ ਆਗੂਆਂ ਨਾਲ ਮਿਲਣ ਤੋਂ ਰੋਕਿਆ
- ‘ਆਪ’ ਸਰਕਾਰ ਦੀ ਸਿੱਧੀ ਤਾਨਾਸ਼ਾਹੀ: ਕਾਂਗਰਸ
- ਪਰਚਿਆਂ ਅਤੇ ਜੇਲ੍ਹਾਂ ਦੇ ਡਰਾਵੇ ਨਾਲ ਨੌਜਵਾਨਾਂ ਦੀ ਆਵਾਜ਼ ਨਹੀਂ ਦਬਾ ਸਕਦੀ ਸਰਕਾਰ: ਸਰਦਾਰ ਪਰਗਟ ਸਿੰਘ
ਪਟਿਆਲਾ: 11 ਨਵੰਬਰ (ਦੇਸ਼ ਕਲਿੱਕ ਬਿਰੂਓ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਅਤੇ MP ਡਾ. ਧਰਮਵੀਰ ਗਾਂਧੀ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਜੇਲ੍ਹ ਵਿੱਚ ਬੰਦ ਯੂਥ ਕਾਂਗਰਸ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਰੋਕ ਦਿੱਤਾ ਗਿਆ। ਉਹ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ (ਸ਼ੁਭੀ), ਹਰਸ਼ਮਲ, ਜਿੰਮੀ, ਵਰੁਣ ਅਤੇ ਹੋਰ ਸਾਥੀਆਂ ਨੂੰ ਮਿਲਣ ਪਹੁੰਚੇ ਸਨ।
ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸਰਕਾਰ ਦੀ ਬੁਖਲਾਹਟ ਇਸ ਹੱਦ ਤੱਕ ਵਧ ਚੁੱਕੀ ਹੈ ਕਿ ਹੁਣ ਚੁਣੇ ਹੋਏ ਨੁਮਾਇੰਦਿਆਂ ਨੂੰ ਆਪਣੇ ਸਾਥੀਆਂ ਨਾਲ ਮਿਲਣ ਦੇ ਜਮਹੂਰੀ ਹੱਕ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। PCS ਸਮੇਤ ਭਰਤੀ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ।
ਉਨ੍ਹਾਂ ਕਿਹਾ ਕਿ ਪਰਚਿਆਂ ਅਤੇ ਜੇਲ੍ਹਾਂ ਦੇ ਡਰਾਵਿਆਂ ਨਾਲ ਨੌਜਵਾਨਾਂ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ। ਕਾਂਗਰਸ ਪਾਰਟੀ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਹੋਰ ਤਿੱਖੇ ਢੰਗ ਨਾਲ ਲੜੇਗੀ।
ਪਰਗਟ ਸਿੰਘ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਯੂਥ ਕਾਂਗਰਸੀ ਆਗੂਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਭਰਤੀ ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ।





