Punjab News: ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ, ਇਕ ਗੰਭੀਰ ਜ਼ਖ਼ਮੀ
ਮਾਹਿਲਪੁਰ (ਹੁਸ਼ਿਆਰਪੁਰ), 21 ਨਵੰਬਰ 2026: ਮਾਹਿਲਪੁਰ-ਫਗਵਾੜਾ ਸੜਕ ’ਤੇ ਪਿੰਡ ਪਥਰਾਲਾ ਨੇੜੇ ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿੱਚ 73 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸਾ ਸਕੂਟਰੀ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ ਕਾਰਨ ਵਾਪਰਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲਕਸੀਹਾ ਦਾ ਰਹਿਣ ਵਾਲਾ ਬਲਵਿੰਦਰ ਸਿੰਘ ਆਪਣੇ ਨਜ਼ਦੀਕੀ ਬਰਿੰਦਰ ਸਿੰਘ ਨਾਲ ਸਕੂਟਰੀ ’ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਮਾਹਿਲਪੁਰ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਪਥਰਾਲਾ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਉਨ੍ਹਾਂ ਦੀ ਸਕੂਟਰੀ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।
ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਬਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਬਰਿੰਦਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਅਗਲੇਰੇ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।





