ਵਿਆਹ ਸਮਾਗਮ ’ਚ ਮਾਮੂਲੀ ਤਕਰਾਰ ਤੋਂ ਬਾਅਦ ਚੱਲੀ ਗੋਲੀ, ਡੀ.ਜੇ. ਸੰਚਾਲਕ ਗੰਭੀਰ ਜ਼ਖਮੀ
ਝਬਾਲ (ਤਰਨਤਾਰਨ), 22 ਨਵੰਬਰ 2026: ਥਾਣਾ ਝਬਾਲ ਅਧੀਨ ਪੈਂਦੇ ਪਿੰਡ ਖੈਰਦੀ ਵਿਖੇ ਵਿਆਹ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿੱਚ ਬਦਲ ਗਈਆਂ, ਜਦੋਂ ਸਮਾਗਮ ਦੌਰਾਨ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਗੋਲੀ ਚੱਲਣ ਕਾਰਨ ਡੀ.ਜੇ. ਚਲਾ ਰਿਹਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਖੈਰਦੀ ਦੇ ਵਸਨੀਕ ਗੋਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਦੇ ਘਰ ਵਿਆਹ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਮੌਜੂਦ ਵਿਅਕਤੀਆਂ ਵਿਚਕਾਰ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਸਮਾਗਮ ਵਿੱਚ ਡੀ.ਜੇ. ਚਲਾ ਰਿਹਾ ਅਵਤਾਰ ਸਿੰਘ ਪੁੱਤਰ ਸਾਹਿਬ ਸਿੰਘ, ਵਾਸੀ ਸਾਘਣਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਵਿਆਹ ਸਮਾਗਮ ਵਿੱਚ ਹਫੜਾ-ਦਫੜੀ ਮਚ ਗਈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਸਬੰਧੀ ਜਾਂਚ ਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਘਟਨਾ ਨੇ ਵਿਆਹ ਸਮਾਗਮਾਂ ਦੌਰਾਨ ਹਥਿਆਰਾਂ ਦੀ ਵਰਤੋਂ ਅਤੇ ਮਾਮੂਲੀ ਵਿਵਾਦਾਂ ਵਿੱਚ ਗੋਲੀਬਾਰੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ।





