ਸਕੂਲਾਂ-ਕਾਲਜਾਂ ’ਚ 23 ਨਵੰਬਰ ਨੂੰ ਛੁੱਟੀ ਦਾ ਐਲਾਨ

Top Trending News ਪੰਜਾਬ

 

ਸਕੂਲਾਂ-ਕਾਲਜਾਂ ’ਚ 23 ਨਵੰਬਰ ਨੂੰ ਛੁੱਟੀ ਦਾ ਐਲਾਨ

ਕਪੂਰਥਲਾ, 22 ਨਵੰਬਰ 2026: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਿਖਾ ਭਗਤ ਨੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ 23 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।

ਜਾਰੀ ਹੁਕਮਾਂ ਅਨੁਸਾਰ, ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਵਿਖੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ 23 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਛੁੱਟੀ ਦੇ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ’ਤੇ ਲਾਗੂ ਨਹੀਂ ਹੋਣਗੇ, ਜਿੱਥੇ 23 ਨਵੰਬਰ ਨੂੰ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਨਿਰਧਾਰਤ ਹਨ। ਅਜਿਹੇ ਅਦਾਰਿਆਂ ਵਿੱਚ ਪ੍ਰੀਖਿਆਵਾਂ ਪਹਿਲਾਂ ਤੋਂ ਤੈਅ ਸਮਾਂ-ਸਾਰਣੀ ਅਨੁਸਾਰ ਹੀ ਹੋਣਗੀਆਂ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।