‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿੱਚ ਵਿਸ਼ਾਲ ਨਸ਼ਾ ਵਿਰੋਧੀ ਬਾਈਕ ਰੈਲੀ ਨੂੰ ਦਿਖਾਈ ਹਰੀ ਝੰਡੀ

Top Trending News ਪੰਜਾਬ
  • ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵਿੱਚ ਵਿਸ਼ਾਲ ਨਸ਼ਾ ਵਿਰੋਧੀ ਬਾਈਕ ਰੈਲੀ ਨੂੰ ਦਿਖਾਈ ਹਰੀ ਝੰਡੀ
  • ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੋਕ ਲਹਿਰ ਬਣਾ ਦਿੱਤਾ ਹੈ: ਮੋਹਿੰਦਰ ਭਗਤ
  • ਵਿਰੋਧੀ ਧਿਰਾਂ ਨੂੰ ਸਿਰਫ਼ ਚੋਣਾਂ ਨੇੜੇ ਆਉਣ ’ਤੇ ਹੀ ਨੌਜਵਾਨਾਂ ਦੀ ਯਾਦ ਆਉਂਦੀ ਹੈ, ਉਹ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਕਰਦੀਆਂ ਹਨ: ਮੋਹਿੰਦਰ ਭਗਤ
  • ‘ਖੇਡਾਂ ਵਤਨ ਪੰਜਾਬ ਦੀਆਂ’ ਲੱਖਾਂ ਨੌਜਵਾਨਾਂ ਨੂੰ ਖੇਡਾਂ ਵੱਲ ਖਿੱਚ ਰਹੀਆਂ ਹਨ, ਰੰਗਲਾ ਪੰਜਾਬ ਦਾ ਸੁਪਨਾ ਹੋ ਰਿਹੈ ਸਾਕਾਰ: ਮੋਹਿੰਦਰ ਭਗਤ
  • ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੈਂਕੜੇ ਬਾਈਕ ਸਵਾਰਾਂ ਨੇ ‘ਨਸ਼ਿਆਂ ਵਿਰੁੱਧ ਪੰਜਾਬ’ ਦੇ ਸੰਦੇਸ਼ ਨਾਲ ਸੜਕਾਂ ’ਤੇ ਕੱਢੀ ਰੈਲੀ

ਚੰਡੀਗੜ੍ਹ / ਜਲੰਧਰ, 22 ਨਵੰਬਰ (ਦੇਸ਼ ਕਲਿੱਕ ਬਿਊਰੋ): ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਐਤਵਾਰ ਨੂੰ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਵਿੱਚ ਇੱਕ ਵਿਸ਼ਾਲ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਅਤੇ ਮੁੜ ‘ਰੰਗਲਾ ਪੰਜਾਬ’ ਸਿਰਜਣ ਵਿੱਚ ਮਦਦ ਕਰਨ ਦਾ ਸੱਦਾ ਦਿੱਤਾ। ਨਸ਼ਾ ਮੁਕਤੀ ਮੋਰਚਾ ਵੱਲੋਂ ਕਰਵਾਈ ਗਈ ਇਹ ਰੈਲੀ ਬਰਲਟਨ ਪਾਰਕ ਤੋਂ ਸ਼ੁਰੂ ਹੋਈ, ਜਿਸ ਵਿੱਚ ਜਲੰਧਰ ਭਰ ਤੋਂ ਸੈਂਕੜੇ ਬਾਈਕ ਸਵਾਰਾਂ ਨੇ ਸ਼ਹਿਰ ਵਿੱਚੋਂ ਲੰਘਦਿਆਂ ‘ਨਸ਼ਿਆਂ ਵਿਰੁੱਧ ਪੰਜਾਬ’ ਦਾ ਸੁਨੇਹਾ ਦਿੱਤਾ।

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਦਾ ਹੋਕਾ ਦਿੰਦਿਆਂ ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਨਸ਼ਾ ਮੁਕਤੀ ਮੋਰਚਾ ਤੋਂ ਸ਼ਾਲੀਨ ਮਿੱਤਰਾ, ਦੋਆਬਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ ਅਤੇ ਜਲੰਧਰ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸ਼ੈਂਕੀ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਰਲਟਨ ਪਾਰਕ, ਜਲੰਧਰ ਤੋਂ ਇੱਕ ਵਿਸ਼ਾਲ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾਈ। ਨਸ਼ਾ ਮੁਕਤੀ ਮੋਰਚਾ ਵੱਲੋਂ ਆਯੋਜਿਤ ਇਸ ਰੈਲੀ ਵਿੱਚ ਜਲੰਧਰ ਭਰ ਤੋਂ ਸੈਂਕੜੇ ਬਾਈਕ ਸਵਾਰਾਂ ਨੇ ਹਿੱਸਾ ਲਿਆ ਅਤੇ ਸ਼ਹਿਰ ਵਿੱਚੋਂ ਲੰਘਦਿਆਂ “ਨਸ਼ਿਆਂ ਵਿਰੁੱਧ ਪੰਜਾਬ” ਦਾ ਸੁਨੇਹਾ ਫੈਲਾਇਆ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ ਅਤੇ ਇਸ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਦੀ ਲੋਕ ਲਹਿਰ ਬਣਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਬਚਾਉਣ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਹ ਰੈਲੀ ਕੱਢੀ ਗਈ ਹੈ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਅਤੇ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ। ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਜਾ ਰਹੇ ਹਨ।”

ਇਸ ਪਹਿਲਕਦਮੀ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੋਹਿੰਦਰ ਭਗਤ ਨੇ ਅੱਗੇ ਕਿਹਾ, “‘ਖੇਡਾਂ ਵਤਨ ਪੰਜਾਬ ਦੀਆਂ’ ਇੱਕ ਬੇਹੱਦ ਸਫਲ ਉਪਰਾਲਾ ਰਿਹਾ ਹੈ, ਜਿਸ ਵਿੱਚ ਸੂਬੇ ਭਰ ਤੋਂ ਲੱਖਾਂ ਲੋਕਾਂ ਨੇ ਹਿੱਸਾ ਲਿਆ ਹੈ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੰਗਲੇ ਪੰਜਾਬ ਦੀ ਸੋਚ ਨੂੰ ਦਰਸਾਉਂਦਾ ਹੈ। ਮੈਂ ਇਸ ਜਾਗਰੂਕਤਾ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਭਾਗੀਦਾਰਾਂ ਅਤੇ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਾ ਹਾਂ। ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨੂੰ ਅਪਣਾਉਣ।”

ਵਿਰੋਧੀ ਪਾਰਟੀਆਂ ’ਤੇ ਤੰਜ ਕੱਸਦਿਆਂ ਮੋਹਿੰਦਰ ਭਗਤ ਨੇ ਕਿਹਾ, “ਵਿਰੋਧੀ ਪਾਰਟੀਆਂ ਨੂੰ ਸਿਰਫ਼ ਚੋਣਾਂ ਨੇੜੇ ਆਉਣ ’ਤੇ ਹੀ ਨੌਜਵਾਨਾਂ ਦੀ ਯਾਦ ਆਉਂਦੀ ਹੈ ਅਤੇ ਉਦੋਂ ਹੀ ਉਹ ਮਾਰਚ ਕੱਢਦੀਆਂ ਹਨ। ਉਨ੍ਹਾਂ ਦੀਆਂ ਕਾਰਵਾਈਆਂ ਪੂਰੀ ਤਰ੍ਹਾਂ ਵੋਟ ਬੈਂਕ ਦੀ ਰਾਜਨੀਤੀ ਤੋਂ ਪ੍ਰੇਰਿਤ ਹੁੰਦੀਆਂ ਹਨ। ਦੂਜੇ ਪਾਸੇ, ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸੁਹਿਰਦ ਯਤਨ ਕੀਤੇ ਹਨ। ਮੈਂ ਸੂਬਾ ਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਵੱਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਆਪਣਾ ਸਮਰਥਨ ਦਿੰਦੇ ਰਹਿਣ।”

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕ ਜਾਣਦੇ ਹਨ ਕਿ ਪੰਜਾਬ ਦੀ ਭਲਾਈ ਲਈ ਸੱਚਮੁੱਚ ਕੌਣ ਕੰਮ ਕਰ ਰਿਹਾ ਹੈ। ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਦਾ ਪਰਿਵਾਰਕ ਸਿਹਤ ਬੀਮਾ, ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਆਈ ਕ੍ਰਾਂਤੀਕਾਰੀ ਤਬਦੀਲੀ ਸਾਡੀ ਸਰਕਾਰ ਦੇ ਕੰਮਾਂ ਦੀਆਂ ਮਿਸਾਲਾਂ ਹਨ। ਇਨ੍ਹਾਂ ਲੋਕ-ਭਲਾਈ ਸਕੀਮਾਂ ਨੇ ਪੰਜਾਬ ਨੂੰ ਤੇਜ਼ ਵਿਕਾਸ ਦੀ ਲੀਹ ’ਤੇ ਪਾਇਆ ਹੈ, ਜਿਸ ਨਾਲ ਸੂਬੇ ਦੇ ਹਰ ਖੇਤਰ ਦੀ ਤਰੱਕੀ ਯਕੀਨੀ ਹੋਈ ਹੈ।”

ਇਸ ਤੋਂ ਪਹਿਲਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਭੰਗੜਾ ਅਤੇ ਨਸ਼ਾ ਵਿਰੋਧੀ ਨਾਟਕ ਪੇਸ਼ ਕੀਤਾ ਗਿਆ। ਇਸੇ ਤਰ੍ਹਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਅਤੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਇਹ ਰੈਲੀ ਕਪੂਰਥਲਾ ਚੌਕ, ਫੁੱਟਬਾਲ ਚੌਕ ਅਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਸਮਾਪਤ ਹੋਈ, ਜਿੱਥੇ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਕਾਕੂ ਆਹਲੂਵਾਲੀਆ, ‘ਆਪ’ ਆਗੂ ਪਾਲਾ ਜਲਾਲਪੁਰੀਆ ਅਤੇ ਸਥਾਨਕ ਨਿਵਾਸੀਆਂ ਨੇ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਨਸ਼ਾ ਮੁਕਤੀ ਮੋਰਚਾ ਤੋਂ ਸ਼ਾਲੀਨ ਮਿੱਤਰਾ, ਦੋਆਬਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬਾਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ, ਜਲੰਧਰ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸ਼ੈਂਕੀ ਭਗਤ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਕਾਕੂ ਆਹਲੂਵਾਲੀਆ ਅਤੇ ‘ਆਪ’ ਆਗੂ ਪਾਲਾ ਜਲਾਲਪੁਰੀਆ ਵੀ ਹਾਜ਼ਰ ਸਨ।