Punjab Breaking: ਅੰਮ੍ਰਿਤਪਾਲ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਵਿੱਚ ਅੱਜ ਹੋਵੇਗਾ ਬੰਦ!
ਅੰਮ੍ਰਿਤਸਰ 22 ਨਵੰਬਰ 2026
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਮੁੜ ਅਸਾਮ ਪਰਤਣ ਲਈ ਕਿਹਾ ਗਿਆ ਹੈ। ਦੱਸਦੇ ਚੱਲੀਏ ਕਿ ਕੱਲ੍ਹ ਕਰੀਬ 3 ਵਜੇ ਅੰਮ੍ਰਿਤਸਰ ਪੁਲਿਸ ਨੇ ਉਹਨਾਂ ਨੂੰ ਦਾਦੀ ਦੇ ਅੰਤਿਮ ਸਸਕਾਰ ਤੋਂ ਤੁਰੰਤ ਬਾਅਦ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਹ ਉਸ ਨੂੰ ਨਾਲ ਲੈ ਕੇ ਅੰਮ੍ਰਿਤਸਰ ਏਅਰਪੋਰਟ ਵਾਲਾ ਰਵਾਨਾ ਹੋ ਗਏ ਸਨ। ਅੰਮ੍ਰਿਤਸਰ ਏਅਰਪੋਰਟ ਤੋਂ ਅੰਮ੍ਰਿਤਪਾਲ ਨੂੰ ਪਹਿਲਾਂ ਵਾਇਆ ਦਿੱਲੀ ਏਅਰਪੋਰਟ ਲਿਜਾਇਆ ਜਾਏਗਾ, ਉਸ ਤੋਂ ਬਾਅਦ ਅਸਾਮ। ਦੱਸਣਾ ਬਣਦਾ ਹੈ ਕਿ ਅੰਮ੍ਰਿਤਪਾਲ ਨੂੰ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਇਜਾਜ਼ਤ ਦਿੱਤੀ ਗਈ ਸੀ। ਇਸ ਤਹਿਤ ਉਹ ਅਸਾਮ ਤੋਂ ਪੰਜਾਬ ਪਹੁੰਚੇ ਸਨ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦੀ ਮੌਜੂਦਗੀ ਵਿੱਚ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਏ।
ਅੰਤਿਮ ਸੰਸਕਾਰ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਅੰਮ੍ਰਿਤਪਾਲ ਨੂੰ ਲੈ ਕੇ ਵਾਪਸ ਡਿਬਰੂਗੜ੍ਹ ਜੇਲ੍ਹ ਪਹੁੰਚਣ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੀ ਪੰਜਾਬ ਆਮਦ ਸਿਰਫ਼ ਪਰਿਵਾਰਕ ਸੋਗ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਤੱਕ ਸੀਮਤ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਹੁਣ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਸਾਮ ਪਰਤਣਾ ਪਵੇਗਾ।





