BIG BREAKING- ਉਮਰ ਖਾਲਿਦ ਤੇ ਸ਼ਰਜੀਲ ਇਮਾਮ ਨੂੰ ਸੁਪਰੀਮ ਕੋਰਟ ਤੋਂ ਝਟਕਾ, ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ
ਨਵੀਂ ਦਿੱਲੀ, 25 ਨਵੰਬਰ 2026: ਫਰਵਰੀ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੀ ਕਥਿਤ ਵੱਡੀ ਸਾਜ਼ਿਸ਼ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਉਮਰ ਖਾਲਿਦ ਅਤੇ ਸ਼ਰਜੀਲ ਇਮਾਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਅਦਾਲਤ ਨੇ ਦੋਵਾਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਰੱਦ ਕਰਦਿਆਂ ਫਿਲਹਾਲ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਹਾਲਾਂਕਿ, ਸੁਪਰੀਮ ਕੋਰਟ ਨੇ ਉਨ੍ਹਾਂ ਦੀਆਂ ਨਿਯਮਤ ਜ਼ਮਾਨਤ ਪਟੀਸ਼ਨਾਂ ‘ਤੇ ਦਿੱਲੀ ਪੁਲਿਸ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਪਹਿਲਾਂ ਸਰਕਾਰ ਅਤੇ ਪੁਲਿਸ ਨੂੰ ਆਪਣਾ ਪੱਖ ਪੇਸ਼ ਕਰਨ ਦਿੱਤਾ ਜਾਵੇ।
ਅਦਾਲਤ ਨੇ ਰਜਿਸਟਰੀ ਨੂੰ ਮਾਮਲਾ ਚੀਫ਼ ਜਸਟਿਸ ਦੇ ਸਾਹਮਣੇ ਰੱਖਣ ਦੇ ਨਿਰਦੇਸ਼ ਵੀ ਦਿੱਤੇ ਹਨ, ਤਾਂ ਜੋ ਪਿਛਲੇ ਨਿਆਂਇਕ ਹੁਕਮਾਂ ਦੇ ਮੱਦੇਨਜ਼ਰ ਸੁਣਵਾਈ ਲਈ ਤਿੰਨ ਜੱਜਾਂ ਦੀ ਵਿਸ਼ੇਸ਼ ਬੈਂਚ ਬਣਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸ਼ਰਜੀਲ ਇਮਾਮ ਨੂੰ 25 ਅਗਸਤ ਅਤੇ ਉਮਰ ਖਾਲਿਦ ਨੂੰ 13 ਸਤੰਬਰ 2020 ਨੂੰ UAPA ਤਹਿਤ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਦੰਗਿਆਂ ਵਿੱਚ 53 ਲੋਕਾਂ ਦੀ ਮੌਤ ਅਤੇ 700 ਤੋਂ ਵੱਧ ਲੋਕ ਜ਼ਖ਼ਮੀ ਹੋਏ ਸਨ। ਹੁਣ ਮਾਮਲੇ ਦੀ ਅਗਲੀ ਸੁਣਵਾਈ ਅਤੇ ਪੁਲਿਸ ਦੇ ਜਵਾਬ ‘ਤੇ ਨਜ਼ਰਾਂ ਟਿਕੀਆਂ ਹਨ।





