ਸੰਜੀਵ ਅਰੋੜਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਕੇਜਰੀਵਾਲ ਤੇ CM ਮਾਨ, ਪਾਰਟੀ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ

Top Trending News ਪੰਜਾਬ
  • ਸੰਜੀਵ ਅਰੋੜਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਕੇਜਰੀਵਾਲ ਤੇ CM ਮਾਨ, ਪਾਰਟੀ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ

ਲੁਧਿਆਣਾ, 25 ਨਵੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਮੁਲਾਕਾਤ ਦੌਰਾਨ ਪਾਰਟੀ ਦੇ ਸਿਖਰਲੇ ਆਗੂਆਂ ਨੇ ਅਰੋੜਾ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸੰਜੀਵ ਅਰੋੜਾ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਮਿਲਣ ਆਏ ਸਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਮੀਟਿੰਗ ਵਿੱਚ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਲਕੇ ਦੇ ਸਾਰੇ ਕੌਂਸਲਰ ਵੀ ਸ਼ਾਮਲ ਹੋਏ। ਮੁੱਖ ਮੰਤਰੀ ਦੇ ਓਐੱਸਡੀ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਹੈ ਕਿ ਪੂਰੀ ਪਾਰਟੀ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੰਜੀਵ ਅਰੋੜਾ ਚੋਣ ਲੜਨਗੇ ਅਤੇ ਜਿੱਤ ਵੀ ਹਾਸਲ ਕਰਨਗੇ। ਓਐੱਸਡੀ ਨੇ ਇਹ ਵੀ ਕਿਹਾ ਕਿ ਅਰੋੜਾ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ।

ਲੁਧਿਆਣਾ ਵੈਸਟ ਤੋਂ ‘ਆਪ’ ਦੇ ਉਮੀਦਵਾਰ
ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੋਇਆ ਹੈ। ਉਹ ਮਈ ਮਹੀਨੇ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ ਅਤੇ ਗੁਰੂਗ੍ਰਾਮ ਦੀ ਜੇਲ੍ਹ ਵਿੱਚ ਬੰਦ ਹਨ। ਹਾਈਕੋਰਟ ਵੱਲੋਂ ਨਿਯਮਤ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਅਰੋੜਾ ਦੇ ਪਰਿਵਾਰ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਪਰਿਵਾਰ ਵੱਲੋਂ 7 ਨਵੰਬਰ ਨੂੰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਦੀ ਰਜਿਸਟਰੀ ਨੇ ਪਟੀਸ਼ਨ ’ਤੇ ਕੁਝ ਤਕਨੀਕੀ ਇਤਰਾਜ਼ ਲਗਾਏ ਹਨ। ਇਨ੍ਹਾਂ ਨੂੰ ਦੂਰ ਕਰਨ ਲਈ ਪਟੀਸ਼ਨਕਰਤਾ ਨੂੰ 90 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਪਰਿਵਾਰ ਤੇ ਸਮਰਥਕਾਂ ਨੇ ਚੋਣ ਮੁਹਿੰਮ ਤੇਜ਼ ਕੀਤੀ
ਟਿਕਟ ਮਿਲਣ ਤੋਂ ਬਾਅਦ ਸੰਜੀਵ ਅਰੋੜਾ ਦੇ ਪਰਿਵਾਰ ਅਤੇ ਸਮਰਥਕਾਂ ਨੇ ਲੁਧਿਆਣਾ ਵੈਸਟ ਹਲਕੇ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸ਼ਹਿਰ ਦੇ ਪ੍ਰਮੁੱਖ ਚੌਕਾਂ ਅਤੇ ਹੋਰ ਥਾਵਾਂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਤਸਵੀਰਾਂ ਵਾਲੇ ਹੋਰਡਿੰਗਾਂ ਦੀ ਥਾਂ ਹੁਣ ਸੰਜੀਵ ਅਰੋੜਾ ਦੇ ਹੋਰਡਿੰਗ ਲਗਾਏ ਜਾ ਰਹੇ ਹਨ। ਦੂਜੇ ਪਾਸੇ, ਪਾਰਟੀ ਹਾਈਕਮਾਂਡ ਨੇ ਹਲਕੇ ਦੇ ਕੌਂਸਲਰਾਂ ਅਤੇ ਸਰਗਰਮ ਆਗੂਆਂ ਨੂੰ ਇਕਜੁੱਟ ਹੋ ਕੇ ਅਰੋੜਾ ਦੇ ਹੱਕ ਵਿੱਚ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

26 ਨਵੰਬਰ ਨੂੰ ਮੋਗਾ ਰੈਲੀ, ਅੱਜ ਲੁਧਿਆਣਾ ’ਚ ਰਾਤ ਦਾ ਠਹਿਰਾਅ
ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿੱਚ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਾਮਲ ਹੋਣਗੇ। ਰੈਲੀ ਵਿੱਚ ਸ਼ਮੂਲੀਅਤ ਲਈ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਅੱਜ ਲੁਧਿਆਣਾ ਪਹੁੰਚੇਗੀ ਅਤੇ ਇੱਥੇ ਰਾਤ ਠਹਿਰੇਗੀ। ਅਗਲੀ ਸਵੇਰ ਸਾਰੇ ਸੀਨੀਅਰ ਆਗੂ ਲੁਧਿਆਣਾ ਤੋਂ ਮੋਗਾ ਲਈ ਰਵਾਨਾ ਹੋਣਗੇ।