ਪੰਜਾਬ ’ਚ ਵਧਣ ਲੱਗੀ ਠੰਢ, ਫਰੀਦਕੋਟ ਰਿਹਾ ਸਭ ਤੋਂ ਠੰਢਾ; 7 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ

Top Trending News ਪੰਜਾਬ

 

ਪੰਜਾਬ ’ਚ ਵਧਣ ਲੱਗੀ ਠੰਢ, ਫਰੀਦਕੋਟ ਰਿਹਾ ਸਭ ਤੋਂ ਠੰਢਾ; 7 ਜ਼ਿਲ੍ਹਿਆਂ ’ਚ ਸੰਘਣੀ ਧੁੰਦ ਦੀ ਚਿਤਾਵਨੀ

ਚੰਡੀਗੜ੍ਹ, 26 ਨਵੰਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਦੀ ਦਾ ਅਸਰ ਹੌਲੀ-ਹੌਲੀ ਵਧਣ ਲੱਗਾ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਦਿਨ ਵੇਲੇ ਮੌਸਮ ਖੁਸ਼ਕ ਰਹਿਣ ਦੇ ਨਾਲ ਧੁੱਪ ਨਿਕਲਣ ਦੀ ਉਮੀਦ ਹੈ। ਇਹ ਸਥਿਤੀ 28 ਨਵੰਬਰ ਤੱਕ ਬਣੀ ਰਹਿ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਰੀਦਕੋਟ 6.4 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਦਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਅਤੇ ਰੂਪਨਗਰ ਵਿੱਚ ਧੁੰਦ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। 26 ਤੋਂ 28 ਨਵੰਬਰ ਤੱਕ ਸਵੇਰ ਅਤੇ ਰਾਤ ਸਮੇਂ ਸੰਘਣੀ ਧੁੰਦ ਦਾ ਅਸਰ ਰਹਿ ਸਕਦਾ ਹੈ।

ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ। 29 ਨਵੰਬਰ ਨੂੰ ਕਿਸੇ ਵੀ ਜ਼ਿਲ੍ਹੇ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ।