ਮੋਗਾ ਰੈਲੀ: ਭਗਵੰਤ ਮਾਨ ਦਾ ਅਕਾਲੀ-ਭਾਜਪਾ ’ਤੇ ਤਿੱਖਾ ਹਮਲਾ, ਕਿਸਾਨਾਂ ਦੀਆਂ ਕੁਰਬਾਨੀਆਂ ਭੁਲਾ ਕੇ ਮੁੜ ਹੋਏ ਇਕੱਠੇ

Top Trending News ਪੰਜਾਬ

 

ਮੋਗਾ ਰੈਲੀ ’ਚ ਭਗਵੰਤ ਮਾਨ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, 2027 ਦੀਆਂ ਚੋਣਾਂ ਲਈ AAP ਨੇ ਵਜਾਇਆ ਬਿਗਲ

ਅਕਾਲੀ-ਭਾਜਪਾ ਗਠਜੋੜ ਨੂੰ ਘੇਰਦਿਆਂ ਬੋਲੇ ਮੁੱਖ ਮੰਤਰੀ- ਕਿਸਾਨਾਂ ਦੀਆਂ ਕੁਰਬਾਨੀਆਂ ਭੁਲਾ ਕੇ ਮੁੜ ਇਕੱਠੇ ਹੋਏ ਆਗੂ, ਪੰਜਾਬ ਸਰਕਾਰ ਨੇ 77,182 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ

ਮੋਗਾ, 26 ਨਵੰਬਰ 2026: ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਪੰਜਾਬ ਦੀ ਪਿਛਲੀ ਸਿਆਸਤ ਅਤੇ ਵਿਰੋਧੀ ਪਾਰਟੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਅਕਾਲੀ-ਭਾਜਪਾ ਗਠਜੋੜ ਨੂੰ ਮੌਕਾਪ੍ਰਸਤੀ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਸਿਆਸੀ ਲਾਭ ਲਈ ਇਨ੍ਹਾਂ ਪਾਰਟੀਆਂ ਨੇ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਅੱਖੋਂ-ਪਰੋਖੇ ਕੀਤਾ ਹੈ।

ਰੈਲੀ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ 2012 ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਸ਼ੁਰੂ ਕਰਨ ਲਈ ਆਮ ਆਦਮੀ ਪਾਰਟੀ ਹੋਂਦ ਵਿੱਚ ਆਈ ਸੀ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਰਵਾਇਤੀ ਪਾਰਟੀਆਂ ਨੇ ਵਾਰੀ ਬੰਨ੍ਹ ਕੇ ਸੂਬੇ ਦੀ ਸੱਤਾ ਦਾ ਆਨੰਦ ਮਾਣਿਆ ਅਤੇ ਪੰਜਾਬ ਨੂੰ ਕਈ ਸਮੱਸਿਆਵਾਂ ਵੱਲ ਧੱਕਿਆ।

ਮੁੱਖ ਮੰਤਰੀ ਨੇ 8 ਦਸੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦਾ ਜ਼ਿਕਰ ਕਰਦਿਆਂ ਅਕਾਲੀ-ਭਾਜਪਾ ਨੇੜਤਾ ’ਤੇ ਵਿਅੰਗ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕੱਲ੍ਹ ਤੱਕ ਇਕ-ਦੂਜੇ ਦੀ ਆਲੋਚਨਾ ਕਰਦੇ ਸਨ, ਅੱਜ ਸੱਤਾ ਦੀ ਖ਼ਾਤਰ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਦਾ ਹਵਾਲਾ ਦਿੰਦਿਆਂ ਅਕਾਲੀ ਦਲ ਦੀ ਭਾਜਪਾ ਨਾਲ ਸਿਆਸੀ ਸਾਂਝ ’ਤੇ ਸਵਾਲ ਉਠਾਏ।

ਮਾਨ ਨੇ ਚੰਡੀਗੜ੍ਹ, ਪੰਜਾਬ ਦੇ ਪਾਣੀਆਂ, ਬੀਬੀਐਮਬੀ ਅਤੇ ਪੰਥਕ ਸੰਸਥਾਵਾਂ ਦੇ ਮੁੱਦਿਆਂ ’ਤੇ ਵੀ ਵਿਰੋਧੀ ਪਾਰਟੀਆਂ ਨੂੰ ਘੇਰਿਆ। ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਈ ਆਗੂ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਹਨ।

ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਹੁਣ ਤੱਕ 77,182 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ, ਆਮ ਆਦਮੀ ਕਲੀਨਿਕਾਂ ਅਤੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡਾਂ ਨੂੰ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦੱਸਿਆ।

ਰੈਲੀ ਦੌਰਾਨ ਮਾਨ ਨੇ ਲੋਕਾਂ ਤੋਂ ਸਿੱਧੇ ਸਵਾਲ ਪੁੱਛ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਉਨ੍ਹਾਂ ਦਾ ਹੁੰਗਾਰਾ ਵੀ ਲਿਆ। ਉਨ੍ਹਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ ’ਤੇ ਖ਼ਰਚ ਕਰਨ ਲਈ ਵਚਨਬੱਧ ਹੈ।