ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਡੀਜੀਪੀ ਦੀ ਸਿਆਸਤ ‘ਚ ਐਂਟਰੀ; ਇਸ ਪਾਰਟੀ ‘ਚ ਹੋਏ ਸ਼ਾਮਲ
ਨਵੀਂ ਦਿੱਲੀ, 27 ਨਵੰਬਰ 2026- ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਤੋਂ ਬਾਅਦ ਹੁਣ ਸਿਆਸਤ ਵਿੱਚ ਕਦਮ ਰੱਖ ਲਿਆ ਹੈ। ਉਹ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਇਸ ਫ਼ੈਸਲੇ ਨੂੰ ਪੰਜਾਬ ਦੀ ਆਗਾਮੀ ਸਿਆਸਤ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
ਸਿਧਾਰਥ ਚਟੋਪਾਧਿਆਏ ਪੰਜਾਬ ਪੁਲਿਸ ਵਿੱਚ ਕਈ ਅਹਿਮ ਅਹੁਦਿਆਂ ’ਤੇ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਹ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਅਤੇ ਬਾਦਲ ਪਰਿਵਾਰ ਦੇ ਮੈਂਬਰਾਂ ਵਿਰੁੱਧ ਕੀਤੀ ਗਈ ਕਾਰਵਾਈ ਕਾਰਨ ਵੀ ਚਰਚਾ ਵਿੱਚ ਰਹੇ ਸਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਮਗਰੋਂ ਵੀ ਚਟੋਪਾਧਿਆਏ ਕੌਮੀ ਪੱਧਰ ’ਤੇ ਸੁਰਖੀਆਂ ਵਿੱਚ ਆਏ ਸਨ। ਇਸ ਮਾਮਲੇ ਦੀ ਜਾਂਚ ਹੋਈ ਸੀ ਅਤੇ ਕਾਨੂੰਨੀ ਕਾਰਵਾਈ ਵੀ ਸ਼ੁਰੂ ਹੋਈ ਸੀ। ਇਹ ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ।
ਜ਼ਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਵੀ ਅਪ੍ਰੈਲ 2026 ਵਿੱਚ ਇਸ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਇੰਚਾਰਜ ਬਣੇ ਸਨ। ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੋਇਆ ਹੈ।





