ਮੌਸਮ ਦਾ ਬਦਲਿਆ ਮਿਜ਼ਾਜ: ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਪੰਜਾਬ ਸਮੇਤ ਕਈ ਸੂਬਿਆਂ ‘ਚ ਸੰਘਣੀ ਧੁੰਦ ਦਾ ਅਲਰਟ
ਨਵੀਂ ਦਿੱਲੀ, 27 ਨਵੰਬਰ 2026- ਦੇਸ਼ ਭਰ ਵਿੱਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਰਿਹਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਜਾਰੀ ਤਾਜ਼ਾ ਬੁਲੇਟਿਨ ਅਨੁਸਾਰ 27 ਨਵੰਬਰ ਨੂੰ ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਉੱਤਰੀ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ।
ਮੌਸਮ ਵਿਭਾਗ ਅਨੁਸਾਰ ਕੇਰਲ ਅਤੇ ਮਾਹੇ ਤੋਂ ਇਲਾਵਾ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੀਂਹ ਦੌਰਾਨ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਦੂਜੇ ਪਾਸੇ, ਰਾਜਸਥਾਨ ਦੇ ਪੂਰਬੀ ਹਿੱਸਿਆਂ ਵਿੱਚ 27 ਨਵੰਬਰ ਨੂੰ ਸੀਤ ਲਹਿਰ ਚੱਲਣ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਹੈ।
ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਇਲਾਕਿਆਂ ਵਿੱਚ ਸਵੇਰੇ ਅਤੇ ਰਾਤ ਸਮੇਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਨਾਲ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ।





