Breaking: ਗੁਰਦਾਸਪੁਰ ’ਚ ਪਾਕਿਸਤਾਨੀ ਡਰੋਨ ਰਾਹੀਂ ਭੇਜੇ 4 ਗ੍ਰਨੇਡ ਤੇ 2 ਪਿਸਤੌਲ ਬਰਾਮਦ, ਪੁਲਿਸ-BSF ਵੱਲੋਂ ਤਲਾਸ਼ੀ ਮੁਹਿੰਮ
ਗੁਰਦਾਸਪੁਰ 28 ਨਵੰਬਰ 2026
ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਰਦੋਛਨੀ ਵਿੱਚ ਪੁਲਿਸ ਨੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਚਾਰ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਹਥਿਆਰਾਂ ਅਤੇ ਗ੍ਰਨੇਡਾਂ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ।
ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਕਰੀਬ 10 ਵਜੇ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਦੇ ਖੇਤਾਂ ਵਿੱਚ ਕੋਈ ਸ਼ੱਕੀ ਪੈਕਟ ਪਿਆ ਹੋਇਆ ਹੈ। ਸੂਚਨਾ ਮਿਲਦਿਆਂ ਹੀ ਡੀਐੱਸਪੀ ਸ਼ਾਹਬਾਜ਼ ਸਿੰਘ ਅਤੇ ਥਾਣਾ ਸਦਰ ਦੇ ਮੁਖੀ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਜਾਂਚ ਦੌਰਾਨ ਪੈਕਟ ਵਿੱਚੋਂ ਚਾਰ ਗ੍ਰਨੇਡ ਅਤੇ ਦੋ ਪਿਸਤੌਲ ਮਿਲੇ।
ਇਸ ਤੋਂ ਬਾਅਦ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਵੱਲੋਂ ਸਾਂਝੇ ਤੌਰ ’ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ, ਜੋ ਜਾਰੀ ਹੈ।
ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਹਥਿਆਰਾਂ ਦੀ ਬਰਾਮਦਗੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ ਖੇਪ ਭਾਰਤ ਵਿਰੋਧੀ ਸਰਗਰਮੀਆਂ ਲਈ ਵਰਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿਸ ਵਿਅਕਤੀ ਜਾਂ ਗਿਰੋਹ ਤੱਕ ਪਹੁੰਚਾਉਣੇ ਸਨ ਅਤੇ ਇਸ ਪਿੱਛੇ ਕੌਣ-ਕੌਣ ਸ਼ਾਮਲ ਹੈ?





