ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 28 ਨਵੰਬਰ 2026: ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਕਾਂਗਰਸ ਪਾਰਟੀ ਨੇ ਚੋਣ ਮੈਦਾਨ ਵਿੱਚ ਆਪਣੇ ਉਮੀਦਵਾਰ ਉਤਾਰਦਿਆਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਦੇ ਪ੍ਰਧਾਨ ਐਚ.ਐਸ. ਲੱਕੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਵਾਰਡ ਨੰਬਰ 1 ਤੋਂ 35 ਤੱਕ ਦੇ 30 ਵਾਰਡਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਆਮ ਵਰਗ, ਅਨੁਸੂਚਿਤ ਜਾਤੀਆਂ ਅਤੇ ਮਹਿਲਾਵਾਂ ਲਈ ਰਾਖਵੇਂ ਵਾਰਡਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਦੀ ਚੋਣ ਕੀਤੀ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਹੋਰਨਾਂ ਸਿਆਸੀ ਪਾਰਟੀਆਂ ਨੇ ਵੀ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ 23 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਉੱਧਰ, ਆਮ ਆਦਮੀ ਪਾਰਟੀ ਨੇ ਵੀ ਦੋ ਸੂਚੀਆਂ ਰਾਹੀਂ ਹੁਣ ਤੱਕ 17 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਲਈ ਤਿੰਨਾਂ ਪ੍ਰਮੁੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਨਾਲ ਚੋਣ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ।





