ਪੰਜਾਬ ’ਚ ਵਧਣ ਲੱਗੀ ਠੰਢ, ਦੋ ਦਿਨ ਸੰਘਣੀ ਧੁੰਦ ਦਾ ਯੈਲੋ ਅਲਰਟ; ਜਾਣੋ 3 ਦਸੰਬਰ ਤੱਕ ਕਿਹੋ ਜਿਹਾ ਰਹੇਗਾ ਮੌਸਮ
ਚੰਡੀਗੜ੍ਹ 28 ਨਵੰਬਰ 2026- ਪੰਜਾਬ ਵਿੱਚ ਸਰਦੀ ਦਾ ਅਸਰ ਹੌਲੀ-ਹੌਲੀ ਵਧਣ ਲੱਗਾ ਹੈ। ਦਿਨ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਦਕਿ ਰਾਤ ਦਾ ਤਾਪਮਾਨ ਹਾਲੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਸਮੇਂ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 28 ਅਤੇ 29 ਨਵੰਬਰ ਨੂੰ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਸਬੰਧੀ ਪੀਲੀ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ 28 ਅਤੇ 29 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। 30 ਨਵੰਬਰ ਤੋਂ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ।
ਵਿਭਾਗ ਮੁਤਾਬਕ 3 ਦਸੰਬਰ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਖ਼ਾਸ ਸੰਭਾਵਨਾ ਨਹੀਂ ਹੈ। ਵੱਧ ਤੋਂ ਵੱਧ ਤਾਪਮਾਨ 22 ਤੋਂ 28 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 4 ਤੋਂ 8 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ।
ਤਾਪਮਾਨ ਦੇ ਅੰਕੜਿਆਂ ਅਨੁਸਾਰ ਫਰੀਦਕੋਟ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 28.5 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ 27.8, ਸੰਗਰੂਰ ਵਿੱਚ 26.2, ਮੋਹਾਲੀ ਵਿੱਚ 25.9, ਪਟਿਆਲਾ ਵਿੱਚ 25.2 ਅਤੇ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ 25 ਡਿਗਰੀ ਤਾਪਮਾਨ ਦਰਜ ਹੋਇਆ।





