ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਵਾਰਾਣਸੀ ਵਿੱਚ, ਪੰਜਾਬ ਸਰਕਾਰ ਦਾ ਵਫ਼ਦ ਰਵਾਨਾ
ਚੰਡੀਗੜ੍ਹ 29 ਨਵੰਬਰ 2026- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਅੱਜ ਵਾਰਾਣਸੀ ਵਿਖੇ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਸਰਕਾਰ ਦਾ ਵਫ਼ਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਾਰਾਣਸੀ ਲਈ ਰਵਾਨਾ ਹੋ ਗਿਆ ਹੈ।
ਵਫ਼ਦ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਹਰਭਜਨ ਸਿੰਘ ਈਟੀਓ ਅਤੇ ਡਾ. ਰਵਜੋਤ ਸਿੰਘ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਇਹ ਵਫ਼ਦ ਅੱਜ ਦੁਪਹਿਰ 3 ਵਜੇ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਵਾਰਾਣਸੀ ਵਿਖੇ ਪਹੁੰਚੇਗਾ।
ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਰਾਹੀਂ ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।





