ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਪੰਜਾਬ

ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗਾ

ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ।

ਇੱਥੇ ਏਅਰਪੋਰਟ ਰੋਡ ‘ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) ‘ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਸ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਖੇਚਲ ਨਹੀਂ ਕੀਤੀ ਪਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਨੂੰ ਵੱਧ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਅਨੁਸਾਰ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦੀ ਹੀ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਹਰ ਸੁਪਨੇ ਨੂੰ ਸਾਕਾਰ ਕਰਨ ਅਤੇ ਸਦਭਾਵਨਾ ਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰ ਵਿੱਚ ਹੀ ਆਪਣਾ ਬਲੀਦਾਨ ਦੇ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ 70 ਸਾਲਾਂ ਦੌਰਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਅੱਖੋਂ ਪਰੋਖੇ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾ ਰਹੀ ਹੈ ਕਿ ਸੂਬੇ ਦਾ ਕੋਈ ਵੀ ਨੌਜਵਾਨ ਰੋਜ਼ਗਾਰ ਦੀ ਭਾਲ ਖਾਤਰ ਵਿਦੇਸ਼ ਨਾ ਜਾਵੇ ਤਾਂ ਜੋ ਸ਼ਹੀਦ ਭਗਤ ਸਿੰਘ ਦੇ ਸੁਪਨੇ ਪੂਰੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 50,000 ਦੇ ਕਰੀਬ ਨੌਕਰੀਆਂ ਦਿੱਤੀਆਂ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਤਨ ਵਾਪਸੀ (ਰਿਵਰਸ ਮਾਈਗ੍ਰੇਸ਼ਨ) ਦਾ ਆਗਾਜ਼ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ, “ਜਿਸ ਉਮਰ ਵਿੱਚ ਨੌਜਵਾਨ ਆਪਣੇ ਮਾਪਿਆਂ ਤੋਂ ਤੋਹਫ਼ੇ ਦੀ ਮੰਗਦੇ ਹਨ, ਸ਼ਹੀਦ ਭਗਤ ਸਿੰਘ ਨੇ ਅੰਗਰੇਜ਼ਾਂ ਤੋਂ ਆਪਣੀ ਮਾਤ ਭੂਮੀ ਦੀ ਆਜ਼ਾਦੀ ਦੀ ਮੰਗ ਕੀਤੀ ਸੀ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੜ੍ਹੇ-ਲਿਖੇ ਆਗੂ ਸਨ, ਜੋ ਹਮੇਸ਼ਾ ਲੋਕਾਂ ਦੀ ਭਲਾਈ ਲਈ ਚਿੰਤਤ ਰਹਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਅਧੂਰੇ ਹਨ ਕਿਉਂਕਿ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਗਰੀਬੀ ਨੇ ਅਜੇ ਵੀ ਪੈਰ ਪਸਾਰੇ ਹੋਏ ਹਨ। ਉਨ੍ਹਾਂ ਨੇ ਭਾਰਤ ਨੂੰ ਨੰਬਰ ਇਕ ਦੇਸ਼ ਬਣਾਉਣ ਲਈ ਲੋਕਾਂ ਨੂੰ ਜਾਤ-ਪਾਤ, ਫਿਰਕਾਪ੍ਰਸਤੀ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਨਿਛਾਵਰ ਕੀਤੀਆਂ ਸਨ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਅਣਥੱਕ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਸਿਰਫ ਇੱਕ ਵਿਅਕਤੀ ਹੀ ਨਹੀਂ, ਸਗੋਂ ਇੱਕ ਸੰਸਥਾ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਅਤੇ ਗਰੀਬੀ ਮੁਕਤ ਭਾਰਤ ਦਾ ਸੁਪਨਾ ਵੀ ਵੇਖਿਆ ਸੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਪ੍ਰਣ ਲੈਣ ਲਈ ਪ੍ਰੇਰਿਆ ਕਿ ਉਹ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲ ਕੇ ਸੂਬੇ ਦੀ ਸੇਵਾ ਕਰਨਗੇ।    

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।