ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਨੂਹ ਜ਼ਿਲੇ ‘ਚ ਅੱਜ ਸ਼ਨੀਵਾਰ ਸਵੇਰੇ ਹੋਏ ਇਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਫ਼ਿਰੋਜ਼ਪੁਰ ਝਿਰਕਾ ਥਾਣਾ ਦੀ ਹੱਦ ਅੰਦਰ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਪਿੰਡ ਇਬਰਾਹਿਮਬਾਸ ਨੇੜੇ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਸਫ਼ਾਈ ਕਰਮਚਾਰੀਆਂ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ‘ਚ 6 ਸਫਾਈ ਕਰਮਚਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਪੰਜ ਹੋਰ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।
ਇਹ ਹਾਦਸਾ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ, ਜਦੋਂ 10 ਦੇ ਕਰੀਬ ਸਫਾਈ ਕਰਮਚਾਰੀ ਐਕਸਪ੍ਰੈਸ ਵੇਅ ਦੀ ਸਫਾਈ ਕਰ ਰਹੇ ਸਨ। ਅਚਾਨਕ ਇੱਕ ਤੇਜ਼ ਰਫ਼ਤਾਰ ਪਿਕਅੱਪ ਨੇ ਆ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 6 ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੰਜ ਜ਼ਖ਼ਮੀ ਮੁਲਾਜ਼ਮਾਂ ਨੂੰ ਤੁਰੰਤ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਚ ਮਦਦ ਕੀਤੀ।
Published on: ਅਪ੍ਰੈਲ 26, 2025 11:27 ਪੂਃ ਦੁਃ