ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ
ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ ਸਫਲਤਾ ਲਈ ਸੂਬੇ ਦੀਆਂ ਵੱਖ-ਵੱਖ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾ ਵਲੋਂ ਮਿਤੀ 4 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਂਸ਼ਨ ਕੀਤੀ ਜਾ ਰਹੀ ਹੈ।

ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਅਤੇ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫਿਰਕੂ ਅਜੰਡੇ ਨੂੰ ਲੋਕਾਂ ਦੀ ਕਚਹਿਰੀ ਵਿੱਚ ਨੰਗਾ ਕਰਨ ਅਤੇ ਇਹਨਾਂ ਨੀਤੀਆਂ ਦਾ ਵਿਰੋਧ ਕਰਨ ਹਿੱਤ ਕੀਤੀ ਜਾ ਰਹੀ ਇਸ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਕੀਤੀ ਜਾ ਰਹੀ ਜਲੰਧਰ ਕਨਵੈਨਸ਼ਨ ਵਿੱਚ ਸੂਬੇ ਭਰ ਵਿੱਚੋਂ ਪ.ਸ.ਸ.ਫ. ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜੱਥੇਬੰਦੀ ਦੇ ਸਨਿੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਚਾਹਲ, ਹਰਮਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਇਹ ਦੇਸ਼ ਵਿਆਪੀ ਹੜਤਾਲ ਰਾਹੀਂ ਮੰਗ ਕੀਤੀ ਜਾ ਰਹੀ ਹੈ ਕਿ ਚਾਰ ਕਿਰਤ ਕਾਨੂਨਾਂ ਦੇ ਪ੍ਰਸਤਾਵ ਨੂੰ ਰੱਦ ਕੀਤਾ ਜਾਵੇ, ਪੀ.ਐਫ.ਆਰ.ਡੀ.ਏ. ਬਿੱਲ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਰਾਜ ਸਰਕਾਰਾਂ ਦੁਆਰਾ ਜਮਾਂ ਕੀਤੀ ਰਾਸ਼ੀ ਵਾਪਿਸ ਕੀਤੀ ਜਾਵੇ, ਹਰ ਪ੍ਰਕਾਰ ਦੇ ਕੱਚੇ, ਠੇਕੇ, ਆਊਟ ਸੋਰਸਿੰਗ, ਡੇਲੀ ਵੇਜ਼, ਵਰਕ ਚਾਰਜ, ਇੰਨਸੈਨਟਿਵ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕੀਤਾ ਜਾਵੇ ਅਤੇ ਸਰਕਾਰੀ ਵਿਭਾਗਾਂ ਅੰਦਰ ਪੱਕੇ ਤੌਰ ਤੇ ਭਰਤੀ ਕਰਕੇ ਖਾਲੀ ਅਸਾਮੀਆਂ ਨੂੰ ਭਰਿਆ ਜਾਵੇ, ਸਰਕਾਰੀ ਵਿਭਾਗਾਂ ਦੇ ਨਿੱਜੀਕਰਣ, ਨਿਗਮੀਕਰਣ, ਪੁਨਰ ਗਠਨ ਨੂੰ ਬੰਦ ਕੀਤਾ ਜਾਵੇ, ਮੰਹਿਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਬਕਾਇਆ ਦੀ ਅਦਾਇਗੀ ਯਕ ਮੁਸ਼ਤ ਕੀਤੀ ਜਾਵੇ, ਰਾਸ਼ਟਰੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ, ਸੰਵਿਧਾਨ ਦੀ ਰਾਖੀ ਕੀਤੀ ਜਾਵੇ, ਕੈਸ਼ਲੈਸ ਹੈਲਥ ਸਕੀਮ ਦੀਆਂ ਤਰੁਟੀਆਂ ਦੂਰ ਕਰਕੇ ਮੁੜ ਚਾਲੂ ਕੀਤਾ ਜਾਵੇ।ਆਗੂਆਂ ਵਲੋਂ ਸੂਬੇ ਦੇ ਸਮੁੱਚੇ ਮੁਲਾਜ਼ਮ ਵਰਗ ਅਤੇ ਨੂੰ ਇਸ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਪ੍ਰੇਰਿਤ ਕਰਨ ਹਿੱਤ ਮਿਤੀ 4 ਮਈ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ ਹੈ।
Published on: ਅਪ੍ਰੈਲ 28, 2025 6:03 ਬਾਃ ਦੁਃ