10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ


ਚੰਡੀਗੜ੍ਹ, 6 ਮਈ, 2025, ਦੇਸ਼ ਕਲਿੱਕ ਬਿਓਰੋ : :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਉਕਤ ਮੁਲਜ਼ਮ ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਥਾਣੇ ਵਿੱਚ ਉਸਨੇ ਆਪਣੇ ਅਗਵਾ ਹੋਣ ਸਬੰਧੀ ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਉਸ ਤੋਂ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।