ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ 10 ਲੋਕਾਂ ਦੀ ਮੌ ਉਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਕਿਹਾ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਲਿਖਿਆ, ‘ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ‘ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਤਿੰਨ ਪਿੰਡਾਂ ਭੁੱਲਰ, ਟਾਂਗਰਾ ਅਤੇ ਸੰਧਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋਈ ਹੈ। ਨਾਜ਼ੁਕ ਹਾਲਾਤ ਵਾਲੇ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।
ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲਣ ਦੀ ਸਥਿਤੀ ਵਿੱਚ ਵੀ ਨਹੀਂ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਮੌਤਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਪੁਲਿਸ ਨੇ ਜ਼ਹਿਰੀਲੀ ਸ਼ਰਾਬ ਵੇਚਣ ਦੇ ਦੋਸ਼ ਵਿੱਚ ਪੰਜ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਮਜੀਠਾ ਇਲਾਕੇ ਦੇ ਵਿਧਾਇਕ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।