ਰਾਜਪੁਰਾ, 21 ਮਈ, ਦੇਸ਼ ਕਲਿਕ ਬਿਊਰੋ :
ਰਾਜਪੁਰਾ ਦੇ ਪਿੰਡ ਭੋਗਲਾਂ ਵਿੱਚ ਗੁਆਂਢੀ ਪਰਿਵਾਰਾਂ ਵਿਚਕਾਰ ਪਾਣੀ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਪਰਿਵਾਰ ਇੱਕ ਦੂਜੇ ਦੇ ਖੂਨ ਦੇ ਪਿਆਸੇ ਹੋ ਗਏ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।
ਰਾਜਪੁਰਾ ਦੇ ਪਿੰਡ ਭੋਗਲਾਂ ਵਿੱਚ ਪਾਣੀ ਦੀ ਟੂਟੀ ਨੂੰ ਲੈ ਕੇ ਹੋਏ ਵਿਵਾਦ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਧਿਰ ਨੇ 12 ਬੋਰ ਦੀ ਬੰਦੂਕ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਇਸ ਘਟਨਾ ਕਾਰਨ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮ੍ਰਿਤਕ ਦੀ ਪਛਾਣ 45 ਸਾਲਾ ਅਮਰਜੀਤ ਸਿੰਘ ਵਜੋਂ ਹੋਈ ਹੈ। ਗੋਲੀਆਂ ਲੱਗਣ ਨਾਲ ਜਗਦੀਪ ਸਿੰਘ, ਜੋਤੀ ਅਤੇ ਖੁਸ਼ਵੰਤ ਕੌਰ ਜ਼ਖਮੀ ਹੋ ਗਏ। ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਆਂਢੀਆਂ ਵਿਚਕਾਰ ਟੂਟੀ ਦੇ ਪਾਣੀ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਦੌਰਾਨ ਗੋਲੀਬਾਰੀ ਹੋਈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਉਨ੍ਹਾਂ ਦੇ ਪਰਿਵਾਰ ਦੀਆਂ ਦੋ ਔਰਤਾਂ ਅਤੇ ਇੱਕ ਆਦਮੀ ਵੀ ਗੰਭੀਰ ਜ਼ਖਮੀ ਹੋਏ ਹਨ।
ਪੁਲਿਸ ਅਧਿਕਾਰੀ ਸੁਖਵੰਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਜੇ ਫਰਾਰ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਰਕਾਰੀ ਹਸਪਤਾਲ ਰਾਜਪੁਰਾ ਦੀ ਐਸਐਮਓ ਸੋਨੀਆ ਜੰਗਵਾਲ ਨੇ ਦੱਸਿਆ ਕਿ ਫੋਰੈਂਸਿਕ ਮਾਹਿਰ ਦੀ ਘਾਟ ਕਾਰਨ ਮ੍ਰਿਤਕ ਅਮਰਜੀਤ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਰਾਜਿੰਦਰਾ ਹਸਪਤਾਲ, ਪਟਿਆਲਾ ਭੇਜਿਆ ਹੈ।

ਰਾਜਪੁਰਾ ਨੇੜਲੇ ਪਿੰਡ ‘ਚ ਪਾਣੀ ਦੀ ਟੂਟੀ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ 3 ਦੀ ਹਾਲਤ ਨਾਜ਼ੁਕ
Published on: May 21, 2025 7:03 am