ਦਲਜੀਤ ਕੌਰ
ਲਹਿਰਾ, 22 ਮਈ, 2025: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਨਾਲ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਹਨਾਂ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।
ਸ਼੍ਰੀ ਗੋਇਲ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕੀਤੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ੈਅ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਹਦਾਇਤ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।
ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।