ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਲੋਕ ਲਹਿਰ ਪੈਦਾ ਹੋਈ-ਪ੍ਰਿੰਸੀਪਲ ਬੁੱਧ ਰਾਮ

Published on: May 24, 2025 6:12 pm

ਪੰਜਾਬ

ਮਾਨਸਾ, 24 ਮਈ : ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਬੁਢਲਾਡਾ, ਮਾਨਸਾ ਅਤੇ ਸਰਦੂਲਗੜ੍ਹ ਦੇ ਵਿਧਾਇਕਾਂ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਕਲੀਪੁਰ, ਰਾਮਪੁਰ ਮੰਡੇਰ, ਸ਼ੇਰ ਖਾਂ ਵਾਲਾ, ਕੋਟੜਾ ਕਲਾਂ, ਅਤਲਾ ਖੁਰਦ, ਅਤਲਾ ਕਲਾਂ, ਪੇਰੋਂ, ਬੈਹਣੀਵਾਲ ਅਤੇ ਧਿੰਗੜ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਹੋਰ ਲੋਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਪਿੰਡ ਕਲੀਪੁਰ, ਰਾਮਪੁਰ ਮੰਡੇਰ ਅਤੇ ਸ਼ੇਰ ਖਾਂ ਵਾਲਾ ਵਿਖੇ ਕਿਹਾ ਕਿ ਸਰਕਾਰ ਦੇ ਉਪਰਾਲਿਆਂ ਸਦਕਾ ਸੂਬੇ ਅੰਦਰ ਇੱਕ ਲੋਕ ਲਹਿਰ ਪੈਦਾ ਹੋਈ ਹੈ ਜੋ ਨਸ਼ਿਆਂ ਦੇ ਵਿਰੁੱਧ ਸਰਕਾਰ ਦਾ ਪੂਰਾ ਸਹਿਯੋਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਪਿੰਡ ਦੀਆਂ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿੱਚ ਨਸ਼ਾ ਸਪਲਾਈ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵੱਲ ਨਹੀਂ ਸਗੋਂ ਸਮਾਜ ਦੀ ਉਨੱਤੀ ਵੱਲ ਆਪਣਾ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

ਕੋਟੜਾ ਕਲਾਂ, ਅਤਲਾ ਖੁਰਦ ਅਤੇ ਅਤਲਾ ਕਲਾਂ ਵਿਖੇ ਰੱਖੇ ਸਮਾਗਮਾਂ ਦੌਰਾਨ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਸਿਕੰਜਾ ਕਸਿਆ ਹੋਇਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ। ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਨਾਲ ਨਸ਼ਾ ਆਸਾਨੀ ਨਾਲ ਛੱਡਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।

ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਪੇਰੋਂ, ਬੈਹਣੀਵਾਲ ਅਤੇ ਧਿੰਗੜ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਰੜਾ ਰੁਖ ਅਪਣਾਇਆ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਜਲਦ ਹੀ ਸੂਬੇ ਵਿੱਚੋਂ ਇਨ੍ਹਾਂ ਨਸ਼ਾ ਤਸਕਰਾਂ ਦਾ ਸਫਾਇਆ ਕਰ ਦਿੱਤਾ ਜਾਵੇਗਾ, ਤਾਂ ਜੋ ਇਹ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਚ ਗਰਕ ਨਾ ਕਰ ਸਕਣ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਪਿੰਡਾਂ ਦੇ ਸਰਪੰਚ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਮੋਹਤਵਰ ਵਿਅਕਤੀ ਮੌਜੂਦ ਸਨ। 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।