ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

Published on: May 25, 2025 3:45 pm

ਪੰਜਾਬ

ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ

ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ

ਨਾਭਾ (ਪਟਿਆਲਾ), 25 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਰਾਜਾ ਅਗਰਸੇਨ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।
ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਪ’ ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ ਮਹਾਰਾਜਾ ਅਗਰਸੇਨ ਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ ‘ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ ‘ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੂਬਾ ਸਰਕਾਰ ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ‘ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ ‘ਤੇ ਖਿਸਕ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।