ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਮਾਨਸੂਨ, ਮੀਂਹ ਦੀ ਚਿਤਾਵਨੀ ਜਾਰੀ

Published on: June 21, 2025 6:46 am

ਪੰਜਾਬ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :
ਪਿਛਲੇ 24 ਘੰਟਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹਨ।
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 37.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.8 ਡਿਗਰੀ ਸੈਲਸੀਅਸ ਤੇ ਪਟਿਆਲਾ ਵਿੱਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਵਿੱਚ ਕੁਝ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।